ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਧਿਆਪਕ ਸੰਘ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਅਧਿਆਪਕਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਤੇ ਪੈਨਸ਼ਨ ਧਾਰਕਾਂ ਨੂੰ ਪੈਨਸ਼ਨ ਨਾ ਮਿਲਣ ਕਾਰਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੀ ਇਸ ਧਰਨੇ 'ਚ ਸ਼ਾਮਲ ਹੋਏ।
ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਘਰ ਦਾ ਘਿਰਾਓ ਕੀਤਾ। ਉਨ੍ਹਾਂ ਵੀਸੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਆਪਣੀਆਂ ਮੰਗਾਂ ਬਾਰੇ ਦੱਸਦੇ ਹੋਏ ਅਧਿਆਪਕ ਸੰਘ ਦੇ ਸੈਕਰੇਟਰੀ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਨੂੰ ਤਨਖ਼ਾਹਾਂ ਨਹੀਂ ਮਿਲ ਰਹੀਆਂ। ਇਸ ਤੋਂ ਇਲਾਵਾ ਰਿਟਾਇਰਡ ਅਧਿਆਪਕਾਂ ਨੂੰ ਵੀ ਪੈਨਸ਼ਨ ਨਹੀਂ ਮਿਲ ਰਹੀ। ਇਸ ਕਾਰਨ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ 'ਤੇ ਯੂਨੀਵਰਸਿਟੀ ਪ੍ਰਬੰਧਾਂ ਨੂੰ ਸੁਚਾਰੂ ਰੂਪ 'ਤੇ ਚਲਾਉਣ ਵਿੱਚ ਅਸਮਰਥ ਹੋਣ ਦੇ ਵੀ ਦੋਸ਼ ਲਾਏ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਕੋਰੋਨਾਂ ਮਹਾਂਮਾਰੀ ਦੇ ਦੌਰਾਨ ਅਧਿਆਪਕਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਮਝੌਤੇ ਕੀਤੇ ਗਏ ਸਨ, ਪਰ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਤੰਗੀ ਦੀ ਮਾਰ ਝੱਲ ਰਹੀ ਹੈ, ਪਰ ਪੰਜਾਬ ਸਰਕਾਰ ਇਸ ਉੱਤੇ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ ਹੈ। ਇਸ ਲਈ ਉਨ੍ਹਾਂ ਨੂੰ ਮਜਬੂਰ ਹੋ ਕੇ ਧਰਨੇ ਲਾਉਣ ਪੈ ਰਹੇ ਹਨ।
ਅਧਿਆਪਕਾਂ ਦਾ ਸਮਰਥਨ ਕਰਨ ਪੁੱਜੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਬੰਦ ਹੋਣ ਦੀ ਕਗਾਰ 'ਤੇ ਹੈ। ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਦੀ ਆਰਥਿਕ ਹਾਲਤ ਨੂੰ ਵੇਖਦੇ ਹੋਏ ਆਰਥਿਕ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਆਪਕਾਂ ਦੀ ਤਨਖ਼ਾਹਾਂ ਤੇ ਪੈਨਸ਼ਨਾਂ ਸਬੰਧੀ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਦੌਰਾਨ ਉਹ ਆਪਣਾ ਗੁਜ਼ਾਰਾ ਕਰ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਧਿਆਪਕਾਂ ਨੂੰ ਪੂਰਾ ਸਮਰਥਨ ਦਿੰਦੀ ਹੈ।