ਪਟਿਆਲਾ: ਜ਼ਿਲ੍ਹੇ ਦੇ ਪਿੰਡ ਧਬਲਾਨ ਵਿਖੇ ਕਿਸਾਨਾਂ ਵੱਲੋਂ ਖੇਤੀ ਸੁਧਾਰ ਕਾਨੂੰਨ ਖਿਲਾਫ ਲਗਾਤਾਰ ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ ਹਨ। ਇਥੇ ਖੇਤੀ ਸੁਧਾਨ ਕਾਨੂੰਨ ਖਿਲਾਫ ਸੰਘਰਸ਼ 'ਚ ਮੁਸਲਿਮ ਭਾਈਚਾਰੇ ਨੇ ਕਿਸਾਨਾਂ ਦੇ ਹੱਕ 'ਚ ਸਮਰਥਨ ਕੀਤਾ ਹੈ। ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ ਤੇ ਉਨ੍ਹਾਂ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਲਈ ਜੁੰਮੇ ਦੀ ਨਮਾਜ਼ ਅਦਾ ਕਰਕੇ ਦੁਆ ਮੰਗੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਮਲੇਰਕੋਟਲਾ ਤੋਂ ਵੱਡੀ ਗਿਣਤੀ 'ਚ ਮੁਸਲਿਮ ਭਰਾਵਾਂ ਨੇ ਕਿਸਾਨਾਂ ਦਾ ਸਮਰਥਨ ਕਰਨ ਲਈ ਪਟਿਆਲਾ ਦੇ ਪਿੰਡ ਧਬਲਾਨ ਵਿਖੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਥੇ ਉਨ੍ਹਾਂ ਜੁੰਮੇ ਦੀ ਨਮਾਜ਼ ਅਦਾ ਕਰਕੇ ਕਿਸਾਨ ਭਰਾਵਾਂ ਸਣੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਕਿਸਾਨ ਆਗੂ ਨੇ ਦੱਸਿਆ ਕਿ ਸਾਨੂੰ ਹਰ ਵਰਗ, ਸਮਾਜ ਸੇਵੀ ਸੰਸਥਾਵਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਲੋਕਾਂ ਨੂੰ ਜਾਤ-ਪਾਤ ਦੇ ਧਰਮ ਦੇ ਨਾਂਅ 'ਤੇ ਵੰਡੀਆਂ ਜਾਂਦਾ ਹੈ, ਪਰ ਹੁਣ ਸਰਕਾਰਾਂ ਅਜਿਹਾ ਨਹੀਂ ਕਰ ਸਕਦੀਆਂ। ਉਨ੍ਹਾਂ ਆਖਿਆ ਕਿ ਅਸੀਂ ਰੱਬ ਤੋਂ ਇਹ ਅਰਦਾਸ ਕਰਦੇ ਹਾਂ ਕਿ ਜਲਦ ਇਹ ਕਿਸਾਨ ਵਿਰੋਧੀ ਖੇਤੀ ਸੁਧਾਰ ਕਾਨੂੰਨ ਰੱਦ ਕੀਤੇ ਜਾਣ। ਮਨਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ, ਉਦੋਂ ਤੱਕ ਕਿਸਾਨਾਂ ਦਾ ਇਹ ਧਰਨਾ ਜਾਰੀ ਰਹੇਗਾ।
ਕਿਸਾਨਾਂ ਦੇ ਹੱਕ 'ਚ ਸਮਰਥਨ ਕਰਨ ਆਏ ਮੁਸਲਿਮ ਭਾਈਚਾਰੇ ਦੇ ਆਗੂ ਡਾ. ਨਾਸਿਰ ਅਹਿਮਦ ਨੇ ਕਿਹਾ ਕਿ ਇਸਲਾਮ ਦੀ ਮੁੱਢਲੀ ਸਿੱਖਿਆ ਇਹ ਹੀ ਹੈ ਕਿ ਹਮੇਸ਼ਾ ਸਰਬੱਤ ਦਾ ਭਲਾ ਕਰੋ ਤੇ ਇਨਸਾਨੀਅਤ ਨੂੰ ਜ਼ਿੰਦਾ ਰੱਖਣਾ ਹੈ। ਉਨ੍ਹਾਂ ਕਿਹਾ ਕਿ ਉਹ ਇਥੇ ਆਪਣੇ ਕਿਸਾਨ ਭਰਾਵਾਂ ਦੇ ਹੱਕ ਸਮਰਥਨ ਕਰਨ ਆਏ ਹਨ। ਕਿਉਂਕਿ ਕਿਸਾਨ ਉਹ ਹੈ ਜੋ ਕਿ ਆਪਣੇ ਖ਼ੂਨ ਪਸੀਨੇ ਦੀ ਕਮਾਈ ਨਾਲ ਲੋਕਾਂ ਦਾ ਢਿੱਡ ਭਰਦਾ ਹੈ। ਇਸ ਲਈ ਉਹ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਦਾ ਵਿਰੋਧ ਕਰਦੇ ਹਨ। ਉਨ੍ਹਾਂ ਆਖਿਆ ਕਿ ਉਹ ਕਿਸਾਨਾਂ ਦੇ ਇਸ ਔਖੇ ਸਮੇਂ 'ਚ ਉਨ੍ਹਾਂ ਦਾ ਸਾਥ ਦੇਣਗੇ। ਇਸ ਲਈ ਉਨ੍ਹਾਂ ਕਿਸਾਨ ਭਰਾਵਾਂ ਲਈ ਨਮਾਜ਼ ਅਦਾ ਕਰਕੇ ਦੁਆ ਮੰਗੀ। ਇਸ ਤੋਂ ਇਲਾਵਾ ਉਨ੍ਹਾਂ ਹਾਥਰਸ ਜਬਰ ਜਨਾਹ ਦੀ ਪੀੜਤਾ ਨੂੰ ਇਨਸਾਫ ਦਵਾਉਣ ਤੇ ਸਰਬੱਤ ਦੇ ਭਲੇ ਲਈ ਦੁਆ ਮੰਗੀ। ਉਨ੍ਹਾਂ ਹਾਥਰਸ ਜਬਰ ਜਨਾਹ ਦੀ ਘਟਨਾ ਨੂੰ ਮੰਦਭਾਗਾ ਦੱਸਿਆ।