ਪਟਿਆਲਾ : ਸੂਬੇ ਵਿੱਚ ਕੈਪਟਨ ਸਰਕਾਰ ਬਣੇ ਨੂੰ ਢਾਈ ਸਾਲ ਬੀਤ ਚੁੱਕੇ ਹਨ। ਕੈਪਟਨ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾਂ ਕੀਤੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।
ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ।
ਜਦ ਇਸ ਬਾਰੇ ਈਟੀਵੀ ਭਾਰਤ ਦੀ ਟੀਮ ਨੇ ਜ਼ਮੀਨੀ ਪੱਧਰ ਉੱਤੇ ਹਕੀਕਤ ਪਤਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਸੂਬਾ ਸਰਕਾਰ ਵਿਰੁੱਧ ਵਾਅਦੇ ਪੂਰੇ ਨਾ ਕੀਤੇ ਜਾਣ ਨੂੰ ਲੈ ਕੇ ਰੋਸ ਪ੍ਰਗਟ ਕੀਤਾ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀਆਂ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧੋਖੇ ਵਿੱਚ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਕੋਈ ਨੌਕਰੀ ਨਹੀਂ ਮਿਲ ਰਹੀ ਹੈ।