ਪਟਿਆਲਾ: ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਦਫਤਰ ਦੇ ਬਾਹਰ ਧਰਨਾ ਲਾਇਆ। ਇਸ ਦੌਰਾਨ ਇੱਕ ਵਰਕਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਪ੍ਰਸ਼ਾਸਨ ਵੱਲੋਂ ਉਕਤ ਵਰਕਰ ਨੂੰ ਤੁਰੰਤ ਰਜਿੰਦਰ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਠੀਕ ਹੈ। ਫਿਲਹਾਲ ਇਸ ਦੌਰਾਨ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਰਿਹਾ।
ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਵਰਿਆਮ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਵਰਕਰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਅੱਗੇ ਗੁਹਾਰ ਲਗਾ ਚੁੱਕੇ ਹਨ। ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਬਿਜਲੀ ਬੋਰਡ ਦੇ ਦਫਤਰ ਦੇ ਬਾਹਰ ਧਰਨਾ ਲਾਇਆ ਗਿਆ। ਇਸ ਦੌਰਾਨ ਇੱਕ ਵਰਕਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਪਰ ਹੁਣ ਉਸ ਦੀ ਹਾਲਤ ਠੀਕ ਹੈ। ਵਰਿਆਮ ਸਿੰਘ ਨੇ ਦੱਸਿਆ ਕਿ ਬੀਤੇ ਕੁੱਝ ਸਮੇਂ ਪਹਿਲਾਂ ਬਿਜਲੀ ਬੋਰਡ ਵਿਭਾਗ ਵੱਲੋਂ ਕੋਰੋਨਾ ਕਾਲ ਦੇ ਦੌਰਾਨ ਪੀਐਸਪੀਸੀਐਲ ਵਰਕਰਾਂ ਦੀ ਛਾਂਟੀ ਕਰ ਦਿੱਤੀ ਗਈ ਸੀ। ਨੌਕਰੀ ਜਾਣ ਦੇ ਚਲਦੇ ਵਰਕਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਵਰਕਰ ਡਿਊਟੀ ਦੇ ਦੌਰਾਨ ਹਾਦਸਾਗ੍ਰਸਤ ਹੋਏ ਪਰਿਵਾਰਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਨੂੰ ਕੀ ਪੂਰਾ ਨਹੀਂ ਕੀਤਾ ਗਿਆ। ਇਸ ਦੇ ਕਾਰਨ ਮਜਬੂਰਨ ਪੀਐਸਪੀਸੀਐਲ ਵਰਕਰਾਂ ਨੂੰ ਰੋਸ ਪ੍ਰਦਰਸ਼ਨ ਤੇ ਧਰਨੇ ਕਰਨੇ ਪੈ ਰਹੇ ਹਨ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਕੋਲੋਂ ਛਾਂਟੀ ਕੀਤੇ ਗਏ ਵਰਕਰਾਂ ਦੀ ਨੌਕਰੀ ਬਹਾਲ ਕੀਤੇ ਜਾਣ ਤੇ ਹਾਦਸਾਗ੍ਰਸਤ ਪਰਿਵਾਰਾਂ ਲਈ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪ੍ਰਬੰਧਕ ਤੇ ਐਡੀਸ਼ਨਲ ਅਧਿਕਾਰੀ ਦੇ ਨਾਲ ਮੀਟਿੰਗ ਕੀਤੀ ਗਈ। ਅਧਿਕਾਰੀ ਵੱਲੋਂ ਸਾਡੀਆਂ ਮੰਗਾਂ ਸਬੰਧੀ ਕਿਰਤੀ ਮੰਤਰੀ ਤੇ ਮੁਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਮੌਕੇ ਪੁੱਜੇ ਧਰਨੇ ਵਾਲੀ ਥਾਂ ਉੱਤੇ ਡੀਐਸਪੀ ਯੋਗੇਸ਼ ਸ਼ਰਮਾਂ ਪਾਵਰਕਾਮ ਵਰਕਰਾਂ ਨੂੰ ਮਿਲਣ ਪੁੱਜੇ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਵਰਕਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਉਸ ਨੂੰ ਜ਼ੇਰੇ ਇਲਾਜ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਸੀ। ਉਥੇ ਡਾਕਟਰਾਂ ਨੇ ਉਸ ਦੀ ਹਾਲਤ ਸਹੀ ਦੱਸੀ। ਡੀਐਸਪੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਤੇ ਮੈਨੇਜਮੈਂਟ ਵਿਚਾਲੇ ਮੀਟਿੰਗ ਕਰਵਾ ਕੇ ਮਾਮਲਾ ਸੁਲਝਾ ਲਿਆ ਗਿਆ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਖ਼ਤਮ ਕਰ ਦਿੱਤਾ।