ਪਟਿਆਲਾ: ਪੰਜਾਬ ਸਰਕਾਰ ਪਟਿਆਲਾ ਵਿੱਚ ਖੇਡ ਯੂਨੀਵਰਸਿਟੀ ਖੋਲ੍ਹਣ ਜਾ ਰਹੀ ਹੈ। ਇਸ ਖੇਡ ਯੂਨੀਵਰਸਿਟੀ ਦਾ ਨਾਮ ਮਹਾਰਾਜਾ ਭੁਪਿੰਦਰ ਸਿੰਘ ਦੇ ਨਾਮ 'ਤੇ ਰੱਖਿਆ ਜਾ ਰਿਹਾ। ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਖੇਡ ਯੂਨੀਵਰਸਿਟੀ ਬਿਲ ਨੂੰ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਸਦਨ 'ਚ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪਿੰਡ ਸਿੱਧੂਵਾਲ ਦੇ ਵਿੱਚ ਸੌ ਏਕੜ ਜ਼ਮੀਨ ਰਿਕਵਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਰਾਜਪਾਲ ਵੱਲੋਂ ਵੀ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਮੁੱਖ ਮੰਤਰੀ ਵੱਲੋਂ ਚੁੱਕੇ ਗਏ ਇਤਰਾਜ਼ਾਂ ਨੂੰ ਲਾਂਭੇ ਕਰਦਿਆਂ ਮੰਤਰੀ ਮੰਡਲ ਨੇ ਨਵੀਂ ਬਣਨ ਜਾ ਰਹੀ ਖੇਡ ਤੇ ਸਾਇੰਸ ਯੂਨੀਵਰਸਿਟੀ ਦਾ ਕੈਪਟਨ ਅਮਰਿੰਦਰ ਸਿੰਘ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਦੇ ਨਾਂਅ 'ਤੇ ਰੱਖਣ ਦੇ ਫ਼ੈਸਲੇ ਦਾ ਸਮਰਥਨ ਕੀਤਾ। ਇਹ ਫ਼ੈਸਲਾ ਉਨ੍ਹਾਂ ਵੱਲੋਂ ਖੇਡਾਂ ਨੂੰ ਪ੍ਰੋਤਸਾਹਨ ਕਰਨ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਦੇਖਦਿਆਂ ਕੀਤਾ ਗਿਆ।
ਇਹ ਵੀ ਪੜੋ- ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਦੇ ਨਾ ਤੇ ਬਣੇਗੀ ਪੰਜਾਬ ਦੀ ਖੇਡ ਯੂਨੀਵਰਸਿਟੀ
ਜ਼ਿਕਰਯੋਗ ਹੈ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਯੂਨੀਵਰਸਿਟੀ ਦੇ ਨਾਂਅ ਬਾਰੇ ਤਜਵੀਜ਼ ਰੱਖੀ ਸੀ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ| ਇਸ ਯੂਨੀਵਰਸਿਟੀ ਦੀ ਸਥਾਪਨਾ ਲਈ ਨੋਟੀਫ਼ਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਤੇ ਇਸ ਦਾ ਅਕਾਦਮਿਕ ਸੈਸ਼ਨ 1 ਸਤੰਬਰ, 2019 ਤੋਂ ਸ਼ੁਰੂ ਹੋਵੇਗਾ | ਇਸ ਬਾਰੇ ਪਿਛਲੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਸੀ। ਯੂਨੀਵਰਸਿਟੀ ਦੀ ਸਥਾਪਨਾ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਤੇ ਖੇਡ ਕੋਚਿੰਗ ਦੇ ਖੇਤਰ 'ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕੀਤੀ ਜਾ ਰਹੀ ਹੈ |