ਪਟਿਆਲਾ: ਪੰਜਾਬ ਸਰਕਾਰ ਦੇ ਚਾਰ ਸਾਲ ਦਾ ਕਾਰਜਕਾਲ ਮੁਕੰਮਲ ਹੋਣ ਤੇ ਪਟਿਆਲਾ ਵਿਖੇ ਨਵਾਂ ਨਰੋਆ ਪੰਜਾਬ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਭਰ 'ਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਕਾਨੂੰਨ ਲਾਗੂ ਕੀਤੇ ਗਏ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਖਰਾ ਸੈਸ਼ਨ ਬੁਲਾ ਕੇ ਇਨ੍ਹਾਂ ਕਾਨੂੰਨਾਂ ਖਿਲਾਫ਼ ਮਤਾ ਪਾਸ ਕੀਤਾ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਾਂਗਰਸੀ ਵਿਧਾਇਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਮੋਦੀ ਸਰਕਾਰ ਖਿਲਾਫ਼ ਨਾਅਰਾ ਬੁੰਲਦ ਕੀਤਾ ਹੈ। ਧਰਮਸੋਤ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾਂ ਤੋਂ ਹੀ ਕਿਸਾਨ ਹਿਤੈਸ਼ੀ ਰਹੀ ਹੈ।
ਧਰਮਸੋਤ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀਆਂ ਤੇ ਭਾਜਪਾ ਨੇ 10 ਸਾਲ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਮੁਤਾਬਕ ਅਹਿਮਦ ਸ਼ਾਹ ਅਫਗਾਨੀ ਤੋਂ ਬਾਅਦ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਲੁੱਟਣ ਦਾ ਰਿਕਾਰਡ ਤੋੜਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਤੇ ਸੁਖਬੀਰ ਸਿੰਘ ਬਾਦਲ ਦੀ ਪਤਨੀ ਨੇ ਮੋਦੀ ਸਰਕਾਰ ਨਾਲ ਰੱਲ ਕੇ ਪਹਿਲਾਂ ਕਾਲੇ ਕਾਨੂੰਨ ਬਣਵਾਏ ਤੇ ਬਾਅਦ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਅਕਾਲੀ ਦਲ ਉੱਤੇ ਕਿਸਾਨਾਂ ਨਾਲ ਹਮਦਰਦੀ ਵਿਖਾਉਣ ਨੂੰ ਮਹਿਜ਼ ਢੋਗ ਦੱਸਿਆ।
ਉਨ੍ਹਾਂ ਕਿਹਾ ਕੋਰੋਨਾ ਮਹਾਂਮਾਰੀ ਦੇ ਦੌਰਾਨ ਕੈਪਟਨ ਸਰਕਾਰ ਨੇ ਬਿਨਾਂ ਕੇਂਦਰੀ ਸਰਕਾਰ ਦੀ ਮਦਦ ਤੋਂ ਬਿਨਾਂ ਖ਼ੁਦ ਦੇ ਦਮ ਉੱਤੇ ਗਰੀਬ ਕਿਸਾਨਾਂ ਨੂੰ 4700 ਕਰੋੜ ਦੇ ਕਰੀਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 500 ਕਰੋੜ ਤੋਂ ਵੱਧ ਪਿੰਡਾਂ ਵਿੱਚ ਤੇ ਹੋਰ ਵੱਖ-ਵੱਖ ਕੰਮ ਕਰਨ ਵਾਲੇ ਕਿਸਾਨਾਂ ਦਾ ਕਰਜ਼ਾ ਮੁੁਆਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਉਂਦੇ ਸਾਰ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 15 ਹਜ਼ਾਰ ਰੁਪਏ, ਬੇਰੁਜ਼ਗਾਰਾਂ ਲਈ ਭੱਤਾ ਤੇ ਸ਼ਗਨ ਸਕੀਮ ਨੂੰ ਵਧਾ ਕੇ 51 ਹਜ਼ਾਰ ਰੁਪਏ ਕੀਤੀ ਹੈ। ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕੀਤਾ ਗਿਆ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਸੌਖੀ ਹੋ ਗਈ ਹੈ। ਇਸ ਲਈ ਸਾਨੂੰ ਲਗਦਾ ਹੈ ਕਿ ਪੰਜਾਬ ਸਰਕਾਰ ਨੇ ਜਨਤਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ।