ਪਟਿਆਲਾ: ਖੇਤੀ ਆਰਡੀਨੈਂਸਾਂ ਦੇ ਖਿਲਾਫ ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਖਿਲਾਫ ਬੰਦ ਦੇ ਸੱਦੇ ਨੂੰ ਪਟਿਆਲਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਦਾ ਸਮਰਥਨ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਦੇ ਖਿਲਾਫ ਰੋਸ ਮੁਜ਼ਾਹਰਾ ਕੀਤਾ।
ਪਟਿਆਲਾ 'ਚ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ 'ਚ ਮੋਦੀ ਕਾਲਜ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਤੇ ਵਰਕਰਾਂ ਨੇ ਰੋਸ ਮੁਜ਼ਾਹਰੇ 'ਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੀਡੀਆ ਨਾਲ ਰੁਬਰੂ ਹੁੰਦੇ ਹੋਏ ਹਰਪਾਲ ਜੁਨੇਜਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਹ ਖੇਤੀ ਬਿੱਲ ਕਿਸਾਨਾਂ ਨਾਲ ਧੋਖਾ ਹੈ। ਕਿਸਾਨਾਂ ਨੂੰ ਦੇਸ਼ ਦੇ ਅੰਨਦਾਤਾ ਕਿਹਾ ਜਾਂਦਾ ਹੈ, ਪਰ ਫਿਰ ਵੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦਾ ਖਿਆਲ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੱਢ ਤੋਂ ਹੀ ਇਨਾਂ ਬਿੱਲ ਦੇ ਖਿਲਾਫ ਸੀ। ਅਕਾਲੀ ਆਗੂਆਂ ਨੇ ਪਾਰਲੀਮੈਂਟ ਸਣੇ ਹੋਰਨਾਂ ਸਲੈਕਸ਼ਨ ਕਮੇਟੀਆਂ 'ਚ ਇਸ ਸਬੰਧੀ ਆਪਣੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਕਿਸਾਨਾਂ ਦਾ ਪੱਖ ਰੱਖਦਿਆਂ ਮੋਦੀ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਅਪੀਲ ਵੀ ਕੀਤੀ। ਜਦ ਮੋਦੀ ਸਰਕਾਰ ਨੇ ਅਕਾਲੀ ਆਗੂਆਂ ਦੀ ਅਪੀਲ ਅਣਸੁਣੀ ਕਰ ਦਿੱਤੀ ਤਾਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਵਜ਼ਾਰਤ ਛੱਡ ਦਿੱਤੀ। ਜਦੋਂ ਕਿ ਦੂਜੇ ਪਾਸੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਡਰਾਮਾ ਦੱਸ ਰਹੇ ਹਨ ਪਰ ਉਨ੍ਹਾਂ 'ਚ ਵਜ਼ਾਰਤ ਛੱਡਣ ਦੀ ਹਿੰਮਤ ਨਹੀਂ ਹੈ।
ਹਰਪਾਲ ਜੁਨੇਜਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਅਕਾਲੀ ਦਲ ਨਾਲ ਜੁੜੇ ਹਨ, ਜੋ ਕਿ ਕਿਸਾਨਾਂ ਦੀ ਪਾਰਟੀ ਮੰਨੀ ਜਾਂਦੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਮੁੱਢ ਤੋਂ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਜੁਨੇਜਾ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਮੋਦੀ ਸਰਕਾਰ ਦੇ ਇਹ ਖੇਤੀ ਬਿੱਲ ਚੰਗੇ ਜਾਂ ਕਿਸਾਨ ਪੱਖੀ ਹੁੰਦੇ ਤਾਂ ਅੱਜ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਨਾ ਆਉਣਾ ਪੈਂਦਾ। ਹਰਪਾਲ ਜੁਨੇਜਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਂਦ ਹੈ ਕਿ ਆਉਣ ਵਾਲੇ ਸਮੇਂ 'ਚ ਜਲਦ ਹੀ ਪੂਰੇ ਦੇਸ਼ ਦੇ ਕਿਸਾਨ ਇਨ੍ਹਾਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਇੱਕਜੁਟ ਹੋ ਕੇ ਸੰਘਰਸ਼ ਕਰਨਗੇ। ਉਨ੍ਹਾਂ ਇਸ ਲੜਾਈ 'ਚ ਕਿਸਾਨਾਂ ਨੂੰ ਹਰ ਸੰਭਵ ਮਦਦ ਤੇ ਸਮਰਥਨ ਦੇਣ ਦੀ ਗੱਲ ਆਖੀ।