ਸੰਗਰੂਰ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਥੇ ਹੀ ਪੰਜਾਬ 'ਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਧਰਨੀਆਂ 'ਚ ਕਈ ਕਿਸਾਨਾਂ ਦੀ ਮੌਤਾਂ ਦਾ ਸਿਲਸਿਲਾ ਜਾਰੀ ਹੈ। ਧੂਰੀ-ਸੰਗਰੂਰ ਰੋਡ ਸਥਿਤ ਟੋਲ ਪਲਾਜ਼ਾ 'ਤੇ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਦੀ ਪਛਾਣ 65 ਸਾਲਾ ਗਮਦੂਰ ਸਿੰਘ, ਪਿੰਡ ਲੱਡਾ ਦੇ ਵਸਨੀਕ ਵਜੋਂ ਹੋਈ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਸੁੱਤੀ ਪਈ ਹੈ। ਕਿਸਾਨ ਜਥੇਬੰਦੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਮੁਆਵਜ਼ੇ ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਦਾ ਅੰਤਮ ਸਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲ ਜਾਂਦਾ। ਕਿਸਾਨਾਂ ਨੇ ਕਿਹਾ ਉਹ ਕਿਸਾਨ ਜਥੇਬੰਦੀ ਵਿੱਚ ਬਲਾਕ ਆਗੂ ਸਨ ਅਤੇ ਇਹ ਪਰਿਵਾਰ ਬੜੇ ਲੰਮੇ ਸਮੇਂ ਤੋਂ ਕਿਸਾਨ ਜਥੇਬੰਦੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦਾ ਗੁਜ਼ਾਰਾ ਮੁਸ਼ਕਲ ਨਾਲ ਚਲਦਾ ਹੈ, ਪਰਿਵਾਰ ਦੀ ਜ਼ਮੀਨ ਠੇਕੇ 'ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਹੈ।
ਇਹ ਵੀ ਪੜ੍ਹੋ : ਗਾਇਕ ਸਰਦੂਲ ਸਿਕੰਦਰ ਦੇ ਅੰਤਮ ਦਰਸ਼ਨ ਕਰਨ ਪੁੱਜੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ