ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਲਹਿਰਾਗਾਗਾ ਵਿਖੇ ਇੱਕ ਨਿੱਜੀ ਸਮਾਗਮ ਵਿੱਚ ਪੁੱਜੇ। ਇਥੇ ਉਨ੍ਹਾਂ ਨੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਕਾਂਗਰਸ ਦੀ ਵਾਅਦਾ ਖਿਲਾਫ਼ੀ ਵਿਰੁੱਧ 2 ਫਰਵਰੀ ਨੂੰ ਕੀਤੀ ਜਾ ਰਹੀ ਰੋਸ ਰੈਲੀ 'ਚ ਹਿੱਸਾ ਲੈਣ ਲਈ ਸੱਦਾ ਦਿੱਤਾ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕੈਪਟਨ ਸਰਕਾਰ 'ਤੇ ਜਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਹ ਇਥੇ ਅਕਾਲੀ ਵਰਕਰਾਂ ਨੂੰ ਕੈਪਟਨ ਸਰਕਾਰ ਵਿਰੁੱਧ ਸੰਗਰੂਰ ਵਿਖੇ 2 ਫਰਵਰੀ ਨੂੰ ਕੀਤੀ ਜਾ ਰਹੀ ਰੋਸ ਰੈਲੀ ਲਈ ਸੱਦਾ ਦੇਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਰੈਲੀ ਕਾਂਗਰਸ ਸਰਕਾਰ ਵੱਲੋਂ ਵਾਅਦਾ ਖਿਲਾਫ਼ੀ ਦੇ ਵਿਰੋਧ 'ਚ ਕੱਢੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ 'ਚ ਕਾਂਗਰਸ ਸਰਕਾਰ ਵੱਲੋਂ ਅਣਗਿਹਲੀ ਕੀਤੇ ਜਾਣ ਕਾਰਨ ਅਕਾਲੀ ਭਾਜਪਾ ਸਰਕਾਰ ਸਮੇਂ ਬਿਜਲੀ ਸਬੰਧੀ ਜਿੱਤਿਆ ਕੇਸ ਕੈਪਟਨ ਸਰਕਾਰ ਮਾਨਯੋਗ ਸੁਪਰੀਮ ਕੋਰਟ 'ਚ ਹਾਰ ਗਈ ਹੈ। ਇਸ ਕੇਸ 'ਚ ਹੋਈ ਹਾਰ ਕਾਰਨ ਸੂਬੇ ਨੂੰ 41 ਹਜ਼ਾਰ ਕਰੋੜ ਰੁਪਏ ਦਾ ਘਾਟਾ ਪਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਤਾ ਦੇ ਅੱਗੇ ਇਸ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਆਖਿਆ ਕਿ ਹੁਣ ਕਾਂਗਰਸੀ ਆਗੂ ਵੀ ਇਹ ਕਹਿਣ ਲੱਘ ਪਏ ਹਨ ਕਿ ਉਨ੍ਹਾਂ ਦਾ ਕਾਂਗਰਸ ਪਾਰਟੀ 'ਚ ਕੋਈ ਭੱਵਿਖ ਨਹੀਂ ਹੈ। ਚੰਦੂਮਾਜਰਾ ਨੇ ਕਾਂਗਰਸ ਸਰਕਾਰ ਨੂੰ ਸੂਬੇ 'ਚ ਪੂਰੀ ਤਰ੍ਹਾਂ ਫੇਲ ਦੱਸਦੇ ਹੋਏ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦਾ ਹਾਲ ਬੇਹਦ ਮਾੜਾ ਹੋਵੇਗਾ। ਕਿਉਂਕਿ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤੇ ਵਾਦਿਆਂ ਨੂੰ ਪੂਰਾ ਨਹੀਂ ਕੀਤਾ ਹੈ ਅਤੇ ਜਨਤਾ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਾਲ 2022 ਦੀ ਵਿਧਾਨ ਸਭਾ ਚੋਣਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਮੁੜ ਆਪਣੀ ਸਰਕਾਰ ਬਣਾਏਗਾ। ਨਾਗਰਿਕਤਾ ਸੋਧ ਕਾਨੂੰਨ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਸਾਡੇ ਲਈ ਸਾਰੇ ਧਰਮ ਬਰਾਬਰ ਹਨ ਜੇਕਰ ਇਸ 'ਚ ਸੋਧ ਕਰਕੇ ਮੁਸਲਮਾਨ ਭਾਈਚਾਰੇ ਦਾ ਨਾਂਅ ਵੀ ਦਰਜ ਕੀਤਾ ਜਾਂਦਾ ਤਾਂ ਕਿਸੇ ਨੇ ਵੀ ਵਿਰੋਧ ਨਹੀਂ ਕਰਨਾ ਸੀ ਤੇ ਨਾ ਹੀ ਕੋਈ ਵਿਰੋਧ ਹੋਣਾ ਸੀ।