ਲਹਿਰਾਗਾਗਾ : ਪਿੰਡ ਚਾਂਗਲੀ ਵਾਲਾ ਵਿੱਚ ਦਲਿਤ ਨੌਜਵਾਨ ਦੀ ਅਣਮਨੁੱਖੀ ਤਸ਼ੱਦਦ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਮੌਤ ਮਾਮਲੇ 'ਚ ਪੀੜਤ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪੀੜਤ ਪਰਿਵਾਰ ਦਾ ਦੁੱਖ ਸਾਂਝਾ ਕਰਨ ਲਈ ਪਹੁੰਚੇ ਕੈਬਿਨੇਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੇਰਕਾ ਨੇ ਕਿਹਾ ਕਿ ਇਸ ਮਾਮਲੇ ਬਾਬਤ ਉਹ ਮੁੱਖ ਜੱਜ ਨਾਲ ਮੁਲਾਕਾਤ ਕਰਨਗੇ ਤੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਉਣਗੇ।
ਵੇਰਕਾ ਨੇ ਦੱਸਿਆ ਕਿ ਇਸ ਤਸ਼ੱਦਦ ਕਾਰਨ ਹੋਈ ਮੌਤ ਦੀ ਪੂਰਨ ਰਿਪੋਰਟ ਉਨ੍ਹਾਂ ਸੰਗਰੂਰ ਦੇ ਅਫ਼ਸਰਾਂ ਨੂੰ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤੇ ਜਲਦ ਪੰਜਾਬ ਸਰਕਾਰ ਨੂੰ ਇਹ ਇਹ ਰਿਪੋਰਟ ਭੇਜਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਤੇ ਉਸ ਨਾਲ ਉਹ ਖ਼ੁਦ ਸਹਿਮਤ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਮੁੱਖ ਮੰਤਰੀ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਮੰਗਾਂ ਨੂੰ ਲੈ ਕੇ ਸੋਮਵਾਰ ਤੱਕ ਐਲਾਨ ਕਰ ਦਿੱਤਾ ਜਾਵੇਗਾ।
ਰਾਜਕੁਮਾਰ ਵੇਰਕਾ ਨੇ ਇਸ ਮਾਮਲੇ 'ਤੇ ਗੰਭੀਰਤਾ ਵਿਖਾਉਂਦੇ ਹੋਏ ਪਰਿਵਾਰ ਦਾ ਸਾਥ ਦੇਣ ਦੀ ਗੱਲ ਕਹੀ। ਦੂਜੇ ਪਾਸੇ ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਜਿਸ ਤਰ੍ਹਾਂ ਦੇ ਨਾਲ ਇਹ ਲੋਕਾਂ ਨੇ ਇਸ ਕਾਰੇ ਨੂੰ ਅੰਜਾਮ ਦਿੱਤਾ ਹੈ, ਉਹ ਬੇਹੱਦ ਸ਼ਰਮਨਾਕ ਹੈ।