ਸੰਗਰੂਰ : ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਧੂਰੀ 'ਚ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦਾ ਧਰਨਾ ਅੱਜ 23ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਹਿਜ਼ ਸਿਆਸੀ ਡਰਾਮੇ ਕਿਹਾ ਹੈ।
ਧੂਰੀ ਵਿਖੇ ਕਿਸਾਨ ਮਲੇਰਕੋਟਲਾ-ਸੰਗਰੂਰ ਰੋਡ 'ਤੇ ਪਿਛਲੇ 22 ਦਿਨਾਂ ਤੋਂ ਲਗਾਤਾਰ ਧਰਨਾ ਦੇ ਰਹੇ ਹਨ। ਧਰਨੇ ਦੇ ਦੌਰਾਨ ਕਿਸਾਨਾਂ ਵੱਲੋਂ ਪੂਰੀ ਰੋਡ ਨੂੰ ਜਾਮ ਕਰ ਦਿੱਤਾ ਗਿਆ। ਇਸ ਧਰਨੇ 'ਚ ਬੱਚਿਆਂ, ਔਰਤਾਂ ਤੇ ਨੌਜਵਾਨਾਂ ਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਰਿਲਾਇੰਸ ਦੇ ਪੈਟਰੋਲ ਪੰਪ, ਸ਼ਾਪਿੰਗ ਮਾਲ ਤੇ ਟੋਲ ਪਲਾਜ਼ਾ ਦਾ ਘਿਰਾਓ ਜਾਰੀ ਰੱਖਿਆ ਹੈ।
ਮੀਡੀਆ ਨਾਲ ਰੁਬਰੂ ਹੁੰਦੇ ਹੋਏ ਕਿਸਾਨ ਕਮੇਟੀ ਧੂਰੀ ਦੇ ਜ਼ਿਲ੍ਹਾ ਸਕੱਤਰ ਹਰਪਾਲ ਸਿੰਘ ਨੇ ਕਿਹਾ ਕਿ ਹੁਣ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਲਈ ਅਸੀਂ ਇਸ ਲੜਾਈ 'ਚ ਸਿਆਸੀ ਜਥੇਬੰਦੀਆਂ ਨੂੰ ਸ਼ਾਮਲ ਨਹੀਂ ਹੋਣ ਦਿਆਂਗੇ। ਉਨ੍ਹਾਂ ਆਖਿਆ ਹੁਣ ਸਥਿਤੀ ਅਜਿਹੀ ਹੋ ਚੁੱਕੀ ਹੈ ਕਿ ਕਿਸਾਨ ਸੰਘਰਸ਼ ਨੂੰ ਛੱਡ ਕੇ ਨਾ ਤੇ ਆਪਣੇ ਘਰਾਂ ਨੂੰ ਜਾ ਸਕਦੇ ਹਨ ਅਤੇ ਨਾ ਹੀ ਲੜਾਈ ਪੂਰੀ ਤਰ੍ਹਾਂ ਲੜ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਹੋਣ ਦਾ ਕਹਿ ਕੇ ਰਾਜਨੀਤਕ ਪਾਰਟੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਇਸ ਲਈ ਕਿਸਾਨ ਕਮੇਟੀ ਧੂਰੀ ਵੱਲੋਂ ਕਿਸੇ ਵੀ ਸਿਆਸੀ ਆਗੂ ਨੂੰ ਧਰਨੇ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।