ਸੰਗਰੂਰ: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਫ੍ਰੀਡਮ ਫਾਈਟਰ ਜਥੇਬੰਦੀ ਵੱਲੋਂ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸੁਨਾਮ ਵਿਖੇ ਆਜ਼ਾਦੀ ਘੁਲਾਟੀਏ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ ਨਹੀਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।
ਫ੍ਰੀਡਮ ਫਾਈਟਰ ਜਥੇਬੰਦੀ ਦਾ ਕਹਿਣਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰ ਅਣਗੌਲਿਆ ਕਰ ਰਹੀ ਹੈ। ਪਟਿਆਲਾ-ਬਠਿੰਡਾ ਹਾਈਵੇ ਨੂੰ ਜਾਮ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਉਹ ਰਾਹ ਖਾਲੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਲੜ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਟੋਲ ਪਲਾਜ਼ਿਆਂ 'ਤੇ ਛੋਟ ਦਿੱਤੀ ਜਾਵੇਗੀ, ਘਰ ਵਿੱਚ ਬਿਜਲੀ ਦੀਆਂ 300 ਯੂਨਿਟ ਮੁਆਫ਼ ਕੀਤੀਆਂ ਜਾਣਗੀਆਂ, ਅਜ਼ਾਦੀ ਘੁਲਾਟੀਆਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਉਨ੍ਹਾਂ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਫ੍ਰੀਡਮ ਫਾਈਟਰ ਯੂਨੀਅਨ ਦੀ ਕਾਰਗੁਜ਼ਾਰੀ ਨੂੰ ਜਾਇਜ਼ ਠਹਿਰਾਇਆ ਹੈ।