ਸੰਗਰੂਰ : ਭੱਠਾ ਮਜ਼ਦੂਰਾਂ ਨੇ ਆਪਣੀ ਹੱਕੀ ਮੰਗਾਂ ਤੇ ਸਹੀ ਸਮੇਂ 'ਤੇ ਤਨਖ਼ਾਹ ਨਾ ਮਿਲਣ ਦੇ ਚਲਦੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਰੋਸ ਪ੍ਰਗਟਾਉਂਦੇ ਹੋਏ ਕਪੜੇ ਉਤਾਰ ਕੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ 'ਚ ਮਹਿਲਾਂ ਅਤੇ ਬੱਚਿਆਂ ਨੇ ਵੀ ਰੋਸ ਪ੍ਰਰਸ਼ਨ 'ਚ ਹਿੱਸਾ ਲਿਆ।
ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਸਰਕਾਰ ਸਣੇ ਭੱਠਾ ਮਾਲਿਕਾਂ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਦੇ ਹੋਏ ਭੱਠਾ ਮਜ਼ਦੂਰਾਂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਲੰਬੇ ਸਮੇਂ ਤੱਕ ਕਰਫਿਊ ਲੱਗਾ ਹੋਇਆ ਸੀ। ਉਨ੍ਹਾਂ ਕਿਹਾ ਕਿ ਭੱਠਾ ਮਾਲਿਕਾਂ ਨੇ ਭੱਠਾ ਮਜ਼ਦੂਰਾਂ ਤੋਂ ਲੌਕਡਾਊਨ ਤੋਂ ਪਹਿਲਾਂ ਕੰਮ ਕਰਵਾਇਆ ਸੀ। ਲੌਕਡਾਊਨ ਦੇ ਦੌਰਾਨ ਭੱਠਾ ਮਾਲਿਕਾਂ ਨੇ ਨਾ ਉਨ੍ਹਾਂ ਨੂੰ ਤਨਖ਼ਾਹ ਦਿੱਤੀ ਅਤੇ ਨਾਂ ਹੀ ਰਾਸ਼ਨ ਮੁਹੱਇਆ ਕਰਵਾਇਆ। ਇਸ ਕਾਰਨ ਉਨ੍ਹਾਂ ਦੇ ਪਰਿਵਾਰ ਭੁੱਖੇ ਮਰਨ ਲਈ ਮਜ਼ਬੂਰ ਹਨ। ਮਜ਼ਦੂਰਾਂ ਨੇ ਦੱਸਿਆ ਕਿ ਉਨ੍ਹਾਂ ਲਈ ਗੁਜ਼ਾਰਾ ਕਰਨਾ ਬੇਹਦ ਮੁਸ਼ਕਲ ਹੋ ਗਿਆ ਹੈ। ਇਸ ਲਈ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀ ਆਗੂ ਤਰਸੇਮ ਯੋਧਾ ਨੇ ਦੱਸਿਆ ਕਿ ਪੰਜਾਬ ਭਰ ਦੇ ਭੱਠਾ ਮਜ਼ਦੂਰਾਂ ਨੂੰ ਮਹਾਂਮਾਰੀ ਸੰਕਟ ਦੇ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੋਲ ਖਾਣ ਲਈ ਰਾਸ਼ਨ ਨਹੀਂ ਹੈ ਅਤੇ ਭੱਠਾ ਮਾਲਿਕਾਂ ਵੱਲੋਂ ਵੀ ਮਜ਼ਦੂਰਾਂ ਨੂੰ ਮਹਿੰਗਾਈ ਮੁਤਾਬਕ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚਲਦੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਤਰਸੇਮ ਨੇ ਦੱਸਿਆ ਕਿ ਪਹਿਲਾਂ ਵੀ ਉਹ ਡੀਸੀ ਨੂੰ ਮੰਗ ਪੱਤਰ ਦੇ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ, ਇਸ ਲਈ ਉਹ ਹੁਣ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਜਲਦ ਤੋਂ ਜਲਦ ਭੱਠਾ ਮਜ਼ਦੂਰਾਂ ਦੀ ਮਦਦ ਕੀਤੇ ਜਾਣ ਦੀ ਅਪੀਲ ਕੀਤੀ ਹੈ।