ਸੰਗਰੂਰ: ਪਿੰਡ ਲੌਂਗੋਵਾਲ ਵਿਖੇ ਸਕੂਲੀ ਵੈਨ 'ਚ ਅੱਗ ਲੱਗਣ ਕਾਰਨ ਮਾਰੇ ਗਏ ਬੱਚਿਆਂ ਦਾ ਅੱਜ ਅੰਤਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਬੱਚਿਆਂ ਨੂੰ ਸ਼ਰਧਾਂਜਲੀ ਦੇਣ ਪੁਜੇ।
ਭਾਈ ਲੌਂਗੋਵਾਲ ਨੇ ਇਸ ਨੂੰ ਮੰਦਭਾਗੀ ਘਟਨਾ ਦੱਸਿਆ। ਉਨ੍ਹਾਂ ਕਿਹਾ ਚਾਰੇ ਬੱਚੇ ਗਰੀਬ ਪਰਿਵਾਰ ਤੋਂ ਸਨ। ਭਾਈ ਲੌੰਗੋਵਾਲ ਨੇ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਮਦਦ ਦੀ ਅਪੀਲ ਕੀਤੀ ਹੈ, ਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ।
ਇੱਕ ਪਾਸੇ ਜਿੱਥੇ ਭਾਈ ਲੌਂਗੋਵਾਲ ਨੇ ਪੀੜਤ ਪਰਿਵਾਰਾਂ ਦੀ ਮਦਦ ਦੀ ਅਪੀਲ ਕੀਤੀ, ਉੱਥੇ ਹੀ ਦੂਜੇ ਪਾਸੇ ਪਿੰਡ ਵਾਸੀਆਂ ਨੇ ਇਸ ਘਟਨਾ ਨੂੰ ਪ੍ਰਸ਼ਾਸਨ ਤੇ ਪੁਲਿਸ ਦੀ ਅਣਗਿਹਲੀ ਦੱਸਦੇ ਹੋਏ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਕੂਲ ਵੈਨਾਂ ਤੇ ਬੱਸਾਂ ਦੀ ਚੈਕਿੰਗ ਕਰਨੀ ਚਾਹੀਦੀ ਹੈ, ਤੇ ਅਣਗਿਹਲੀ ਕਰਨ ਵਾਲਿਆਂ ਵਿਰੁੱਧ ਸਖ਼ਤੀ ਕਰਨੀ ਚਾਹੀਦੀ ਹੈ, ਤਾਂ ਜੋ ਅਜਿਹਾ ਹਾਦਸਾ ਮੁੜ ਨਾ ਵਾਪਰੇ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲ ਦੇ ਪ੍ਰਿੰਸੀਪਲ ਤੇ ਸਕੂਲ ਵੈਨ ਦੇ ਡਰਾਈਵਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਸਨ ਤੇ ਅੱਜ ਸਸਕਾਰ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਅਗੇ ਤੋਂ ਪੁਲਿਸ ਵਿਭਾਗ ਵੱਲੋਂ ਸਕੂਲ ਵੈਨ ਦੀ ਚੈਕਿੰਗ ਉੱਤੇ ਪੂਰਾ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾਮਲੇ ਜਾਂਚ ਜਾਰੀ ਹੋਣ ਦੀ ਗੱਲ ਆਖੀ।