ਸੰਗਰੂਰ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਰੋਸ ਵੱਜੋਂ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਕੀਤੀ ਸੀ, ਤੇ ਇਸ ਟਰੈਕਟਰ ਪਰੇਡ ’ਚ ਕਈ ਹਿੰਸਕ ਵਾਰਦਾਤਾਂ ਵੀ ਵਾਪਰਿਆਂ ਸਨ, ਜਿਸ ਕਾਰਨ ਦਿੱਲੀ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਸੀ।
29 ਜਨਵਰੀ ਨੂੰ ਵੀ ਸਿਘੂ ਬਾਰਡਰ ਤੋਂ ਟਿੱਕਰੀ ਬਾਰਡਰ ਵੱਲ ਜਾ ਰਹੇ ਪਿੰਡ ਦੇਹਲਾ ਸੀਹਾਂ ਦੇ ਪੰਜ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪਹੁੰਚੇ। ਜਿਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਉਥੇ ਹੀ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਵੀ ਭਰੋਸਾ ਦਵਾਇਆ।
ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਨੌਜਵਾਨ ਕਿਸੇ ਹਿੰਸਕ ਘਟਨਾ ਵਿੱਚ ਸ਼ਾਮਲ ਨਹੀਂ ਸਨ ਪਰ ਦਿੱਲੀ ਪੁਲੀਸ ਵੱਲੋਂ ਝੂਠੇ ਪਰਚੇ ਦਰਜ ਕਰਕੇ ਇਨ੍ਹਾਂ ਨੂੰ ਜੇਲ੍ਹ ਵਿੱਚ ਭੇਜਣਾ ਨਿੰਦਣਯੋਗ ਹੈ। ਇਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਚਾਰਾਜੋਈ ਲਈ ਸਾਡੇ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਮੋਦੀ ਸਰਕਾਰ ਦੀ ਸੂਝ-ਬੂਝ ਖ਼ਤਮ ਹੋ ਗਈ ਹੈ ਤਾਂ ਹੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਮੋਦੀ ਸਰਕਾਰ ਦਾ ਗਰੂਰ ਤੋੜਨ ਲਈ ਸਾਰਿਆਂ ਨੂੰ ਮਤਭੇਦ ਭੁਲਾ ਕੇ ਇਕੱਠੇ ਹੋਣ ਦੀ ਲੋੜ ਹੈ।
ਢੀਂਡਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਤਿਰੰਗੇ ਦਾ ਅਪਮਾਨ ਹੋਇਆ ਹੈ, ਜਦਕਿ ਲਾਲ ਕਿਲ੍ਹੇ 'ਤੇ ਝੂਲ ਰਹੇ ਤਿਰੰਗੇ ਨੂੰ ਕਿਸੇ ਨੇ ਛੂਹਿਆ ਤੱਕ ਨਹੀਂ, ਸੰਘਰਸ਼ ਨੂੰ ਜਿੰਨਾ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਹੀ ਤਕੜਾ ਹੋ ਰਿਹਾ ਹੈ।