ਸੰਗਰੂਰ: ਕੋਰੋਨਾ ਕਾਲ 'ਚ ਆਰਥਿਕ ਮੰਦੀ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਲਹਿਰਾਗਾਗਾ 'ਚ ਵਿਦਿਆਰਥਿਆਂ ਦੇ ਮਾਪਿਆਂ ਤੇ ਸਕੂਲਾਂ ਵਿਚਾਲੇ ਤਣਾਅ ਜਾਰੀ ਹੈ।
ਸਕੂਲਾਂ ਖ਼ਿਲਾਫ਼ ਧਰਨੇ ਦੇਣ ਤੋਂ ਮਗਰੋਂ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਸਣੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਉੱਤੇ ਝੂਠੇ ਪਰਚੇ ਦਰਜ ਕਰਵਾਏ ਗਏ ਹਨ। ਇਨ੍ਹਾਂ ਝੂਠੇ ਪਰਚਿਆਂ ਨੂੰ ਰੱਦ ਕਰਵਾਉਣ ਲਈ ਵਿਦਿਆਰਦੀਆਂ ਦੇ ਮਾਪਿਆਂ ਤੇ ਕਿਸਾਨ ਜੱਥੇਬੰਦੀਆਂ ਸਣੇ ਲੋਕਾਂ ਨੇ ਡੀਐਸਪੀ ਦਫ਼ਤਰ ਦੇ ਬਾਹਰ ਧਰਨਾ ਲਾਇਆ।
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਕਿਸਾਨ ਆਗੂਆਂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਰੇ ਕਾਰੋਬਾਰ ਠੱਪ ਪੈ ਗਏ ਹਨ। ਇਸ ਨੂੰ ਲੈ ਕੇ ਮਾਪਿਆਂ ਨੇ ਕਈ ਵਾਰ ਸਕੂਲ ਪ੍ਰਬੰਧਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤੇ ਸਕੂਲਾਂ ਵੱਲੋਂ ਨਾ ਮੰਨਣ 'ਤੇ ਹੀ ਧਰਨੇ ਦਿੱਤੇ ਗਏ ਸਨ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਤੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਕਿਸਾਨ ਜਥੇਬੰਦੀਆਂ ਤੇ ਕਈ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਏ ਹਨ। ਜਦ ਇਸ ਬਾਰੇ ਮਾਪਿਆਂ ਤੇ ਕਿਸਾਨ ਆਗੂਆਂ ਨੇ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ 'ਤੇ ਕੋਈ ਸੁਣਵਾਈ ਨਹੀਂ ਕੀਤੀ। ਜਿਸ ਕਾਰਨ ਉਨ੍ਹਾਂ ਨੂੰ ਡੀਐਸਪੀ ਦਫਤਰ ਅੱਗੇ ਧਰਨਾ ਦੇਣਾ ਪੈ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕਰਨ ਤੇ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ 'ਤੇ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।