ਸੰਗਰੂਰ: ਟੈੱਟ ਅਤੇ ਬੀਐਡ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਮਰਾਚ ਕੱਢਿਆ ਗਿਆ। ਇਸ ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਧੂਰੀ ਨੇੜੇ ਬੱਬਨਪੁਰ ਵਿਖੇ ਲੁਧਿਆਣਾ-ਸੰਗਰੂਰ ਹਾਈਵੇਅ ਜਾਮ ਕਰ ਕੈਪਟਨ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਉੱਤੇ ਵਾਅਦਾ ਖਿਲਾਫੀ ਕੀਤੇ ਜਾਣ ਦੇ ਦੋਸ਼ ਲਾਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈਟੀਟੀ ਉਮੀਦਵਾਰਾਂ ਲਈ 500 ਅਤੇ ਬੀਐਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ ਕਿਉਂਕਿ ਪੰਜਾਬ 'ਚ ਕਰੀਬ 15 ਹਜ਼ਾਰ ਈਟੀਟੀ ਅਤੇ 50 ਹਜ਼ਾਰ ਬੀਐਡ ਤੇ ਟੈੱਟ ਪਾਸ ਉਮੀਦਵਾਰ ਹਨ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ 'ਚ ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਪੋਸਟਾਂ ਖਾਲ੍ਹੀ ਹਨ। ਇਸ ਲਈ ਸਰਕਾਰ ਕੁੱਝ ਲੋਕਾਂ ਦੀ ਭਰਤੀ ਕਰਕੇ ਮਹਿਜ਼ ਖਾਨਾ ਪੂਰਤੀ ਅਤੇ ਅਧਿਆਪਕਾਂ ਦੇ ਸੰਘਰਸ਼ ਨੂੰ ਠੱਲ ਪਾਉਣਾ ਚਾਹੁੰਦੀ ਹੈ।
ਉਨ੍ਹਾਂ ਆਖਿਆ ਕਿ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਸਰਕਾਰ ਦੇ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਦੇ ਹਨ। ਉਨ੍ਹਾਂ ਸੂਬਾ ਸਰਕਾਰ ਕੋਲੋਂ ਅਸਾਮੀਆਂ ਵਧਾਉਣ ਦੀ ਮੰਗ ਕੀਤੀ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਵੱਲੋਂ ਅਸਾਮੀਆਂ ਦੀ ਗਿਣਤੀ 'ਚ ਵਾਧਾ ਕਰਕੇ ਸਰਕਾਰੀ ਸਕੂਲਾਂ 'ਚ ਖਾਲੀ ਪਈਆਂ ਕੁੱਲ ਅਸਾਮੀਆਂ ਭਰਨ ਲਈ ਈਟੀਟੀ ਦੀਆਂ 12 ਹਜ਼ਾਰ ਅਤੇ ਬੀਐਡ ਦੀਆਂ 15 ਹਜ਼ਾਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਭਰਤੀ ਦੇ ਦੌਰਾਨ ਉਮਰ ਹੱਦ ਵਧਾ ਕੇ 37-42 ਸਾਲ ਕੀਤੇ ਜਾਣ ਦੀ ਮੰਗ ਕੀਤੀ ਹੈ।