ਗੁਰਦਾਸਪੁਰ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਸਿਆਸਤ ਭੱਖਦੀ ਜਾ ਰਹੀ ਹੈ। ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਭਾਜਪਾ ਪੀੜਤ ਪਰਿਵਾਰਾਂ ਦੇ ਨਾਲ ਹੈ। ਇਸ ਮਾਮਲੇ 'ਤੇ ਉਨ੍ਹਾਂ ਨੇ ਰਾਜਨੀਤਕ ਆਗੂਆਂ 'ਤੇ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਦੇ ਇਲਜ਼ਾਮ ਲਗਾਏ। ਉਨ੍ਹਾਂ ਨੇ ਸਰਕਾਰ ਵਲੋਂ ਬਣਾਈ ਗਈ ਐੱਸਟੀਐੱਫ ਦੇ ਚੁੱਪ ਰਹਿਣ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਹੁਣ ਤੱਕ ਕਾਰਵਾਈ ਨਾ ਕਰਨ 'ਤੇ ਮੁੱਖ ਮੰਤਰੀ ਕੈਪਟਨ ਤੋਂ ਜਵਾਬ ਮੰਗਿਆ ਹੈ।
ਉਨ੍ਹਾਂ ਕੈਪਟਨ ਸਰਕਾਰ ਤੋਂ 2300 ਕਰੋੜ ਰੁਪਏ ਦਾ ਹਿਸਾਬ ਵੀ ਪੁੱਛਿਆ। ਇਸ ਦੇ ਨਾਲ ਹੀ ਤਰੁਣ ਚੁੱਘ ਨੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ "ਪਿੰਕੀ ਅਤੇ ਪੱਪੂ " ਕਿਉਂ ਇਸ ਘਟਨਾ ਨੂੰ ਲੈ ਕੇ ਆਪਣੀ ਆਵਾਜ਼ ਕਿਉਂ ਨਹੀਂ ਉਠਾ ਰਹੇ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਪੀੜਤ ਪਰਿਵਾਰਾਂ ਲਈ ਸੂਬਾ ਸਰਕਾਰ ਤੋਂ 25 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਦਲ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਵੱਖ-ਵੱਖ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ| ਉਨ੍ਹਾਂ ਵੀ ਇਸ ਪਿੱਛੇ ਹਾਕਮ ਧਿਰ ਦੇ ਹੱਥ ਹੋਣ ਦਾ ਦੋਸ਼ ਲਾਉਂਦਿਆਂ ਕਸੂਰਵਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਹਾਈ ਕੋਰਟ ਦੇ ਸਿਟਿੰਗ ਜੱਜ ਕੋਲੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ| ਉਨ੍ਹਾਂ ਪੀੜਤ ਪਰਿਵਾਰਾਂ ਲਈ ਐਲਾਨੀ ਗਈ ਦੋ ਲੱਖ ਰੁਪਏ ਮੁਆਵਜ਼ਾ ਰਾਸ਼ੀ ਵਧਾਉਣ ਤੇ ਨੌਕਰੀ ਦੀ ਮੰਗ ਕੀਤੀ ਹੈ।
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 100 ਤੋਂ ਟੱਪ ਗਈ ਹੈ ਤੇ ਹੁਣ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਧਰੁਮਨ ਨਿੰਬਾਲੇ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਲੈ ਕੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਲੋਕਾਂ ਨੂੰ ਮਿਲੇ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਰੋਧੀ ਧਿਰਾਂ ਨੂੰ ਇਸ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ।