ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਤਰਨ ਤਾਰਨ ਵਿਖੇ ਵਿਸ਼ੇਸ਼ ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਗਿਆ। ਦੱਸਣਯੋਗ ਹੈ ਕਿ ਹੁਣ ਤੱਕ ਦਿੱਲੀ ਵਿਖੇ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਕਿਸਾਨ ਅੰਦੋਲਨ ਦੌਰਾਨ 60 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ।
ਇਸ ਕੈਂਡਲ ਮਾਰਚ ਦੀ ਅਗਵਾਈ ਤਰਨ ਤਾਰਨ ਤੋਂ ਅਕਾਲੀ ਦਲ ਦੇ ਮੀਤ ਪ੍ਰਧਾਨ ਕੰਵਰਜੀਤ ਚੀਮਾ ਨੇ ਕੀਤੀ। ਇਸ ਮੌਕੇ ਅਕਾਲੀ ਦਲ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਵਿਸ਼ੇਸ਼ ਤੌਰ 'ਚ ਕੈਂਡਲ ਮਾਰਚ 'ਚ ਸ਼ਾਮਲ ਹੋਣ ਪੁੱਜੇ।
ਇਸ ਮੌਕੇ ਅਕਾਲੀ ਆਗੂਆਂ ਨੇ ਮੋਦੀ ਸਰਕਾਰ ਨੂੰ ਤਾਨਾਸ਼ਾਹੀ ਸਰਕਾਰ ਦੱਸਦੇ ਹੋਏ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਅਣਗੋਲਿਆ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵਇਏ ਕਾਰਨ ਰੋਜ਼ਾਨਾਂ ਕਿਸਾਨ ਅੰਦੋਲਨ 'ਚ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਗੁਆਣੀਆਂ ਪੈ ਰਹੀਆਂ ਹਨ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਮੌਤ ਨਾਲ ਕੋਈ ਫ਼ਰਕ ਨਹੀਂ ਪੈ ਰਿਹਾ ਹੈ। ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ, ਤਾਂ ਜੋ ਕਿਸਾਨ ਆਪੋ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਅਸੀਂ ਹੋਰਨਾਂ ਕਈ ਕਿਸਾਨਾਂ ਦੀਆਂ ਜਾਨਾਂ ਬਚਾ ਸਕਾਂਗੇ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਪਣਾ ਅੜੀਅਲ ਰਵਈਆ ਨਹੀਂ ਛੱਡਿਆ ਤਾਂ ਉਨ੍ਹਾਂ ਨੂੰ ਇਸ ਦਾ ਘਾਤਕ ਨਤੀਜਾ ਭੁਗਤਣਾ ਪੈ ਸਕਦਾ ਹੈ।