ਤਰਨ ਤਾਰਨ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਆਪਣੀ ਮੰਗਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਲਗਾਤਾਰ ਰੋਸ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ 'ਚ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਸ਼ਾਮਲ ਹੋ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਸੂਬਾ ਸਰਕਾਰ 'ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਾਏ ਹਨ।
ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਉਸ ਵੇਲੇ ਤੱਕ ਜਾਰੀ ਰਹੇਗਾ ਜੱਦ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਲੈਂਦੀ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾ ਪੂਰੀਆਂ ਨਹੀਂ ਕਰਦੀ ਤਾਂ ਕਿਸਾਨਾਂ ਦਾ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ।
ਦੂਜੇ ਪਾਸੇ ਆੜਤੀ ਐਸੋਸੀਏਸ਼ਨ ਵੱਲੋ ਵੀ ਸਥਾਨਕ ਦਾਣਾ ਮੰਡੀ 'ਚ ਧਰਨਾ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਆੜਤੀਆਂ ਕੋਲੋ ਕਿਸਾਨਾਂ ਦੇ ਖਾਤਿਆਂ ਦੀ ਜਾਣਕਾਰੀ ਮੰਗੇ ਜਾਣ ਦਾ ਕਾਰਨ ਉਹ ਸਰਕਾਰ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਆੜਤੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਝੋਨੇ ਦੀ ਖਰੀਦ ਦਾ ਵੀ ਬਾਈਕਾਟ ਕਰ ਦਿੱਤਾ ਹੈ।
ਅਵਤਾਰ ਸਿੰਘ ਨੇ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਆੜਤੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡੇ। ਆੜਤੀਆਂ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਬਾਹਰ ਧਰਨਾ ਦੇਣ ਉਪਰੰਤ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ। ਅਵਤਾਰ ਸਿੰਘ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਦਾ ਆਧਾਰ ਕਾਰਡ ਨੰਬਰ ਅਤੇ ਖਾਤਾ ਨੰਬਰ ਉਨ੍ਹਾਂ ਨੂੰ ਭੇਜਿਆ ਜਾਵੇ, ਪਰ ਸਾਰੇ ਕਿਸਾਨਾਂ ਨੇ ਖਾਤਾ ਨੰਬਰ ਅਤੇ ਆਧਾਰ ਕਾਰਡ ਨੰਬਰ ਦੇਣ ਤੋਂ ਨਾਂਅ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆੜਤੀਆਂ 'ਤੇ ਵਿਸ਼ਵਾਸ ਕਰਦੇ ਹਨ ਅਤੇ ਆੜਤੀਆਂ ਰਾਹੀਂ ਹੀ ਪੇਮੈਂਟ ਲੈਣ ਲਈ ਸਹਿਮਤ ਹਨ।