ਤਰਨ ਤਾਰਨ: ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਿਛਲੇ 3 ਦਿਨਾਂ ਤੋਂ ਲਗਾਤਾਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋ ਚੋਣਾਂ ਸਮੇ ਕਿਸਾਨਾਂ ਨਾਲ ਕੀਤੇ ਵਾਅਦਾ ਖਿਲਾਫ਼ੀ ਨੂੰ ਲੈ ਕੇ ਰੋਸ ਪ੍ਰਦਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਕਿਸਾਨ ਪਿੱਛਲੇ ਲੰਮੇ ਸਮੇ ਤੋ ਡਾ.ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਅਧਾਰ 'ਤੇ ਫ਼ਸਲਾਂ ਦੇ ਭਾਅ ਤੈਅ ਕਰਨ ਦੀ ਮੰਗ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋ ਚੋਣਾਂ ਦੌਰਾਨ ਸਾਰਾ ਕਰਜ਼ਾ ਮਾਫ਼ੀ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੋਰ ਵੀ ਕਈ ਵਾਅਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਰਕਾਰ ਨੇ ਕੀਤੇ ਸਨ ਜਿਸ ਨੂੰ ਪੂਰਾ ਕਰਨ 'ਚ ਸਰਕਾਰ ਅਸਫ਼ਲ ਰਹੀ ਹੈ।
ਸੁਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਇਸ ਵੇਲੇ ਤੱਕ ਜਾਰੀ ਰਹੇਗਾ ਜਦ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ। ਜੇ ਇਸ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।
ਇਸ ਮੌਕੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਪਰਦੀਪ ਸੱਭਰਵਾਲ ਨਾਲ ਮੀਟਿੰਗ ਕੀਤੀ ਅਤੇ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਰਕਾਰ ਤੱਕ ਲਿੱਖ ਕੇ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ।