ਤਰਨ ਤਾਰਨ: ਪਿੰਡ ਨੌਸ਼ਹਿਰਾ ਢਾਲਾ 'ਚ ਨੌਜਵਾਨ ਜੋੜੇ ਨੂੰ ਪ੍ਰੇਮ ਵਿਆਹ ਕਰਵਾਉਣਾ ਮਹਿੰਗਾ ਪੈ ਗਿਆ। ਕੁੜੀ ਦੇ ਚਚੇਰੇ ਭਰਾਵਾਂ ਨੇ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਮੌਕੇ 'ਤੇ ਪੁੱਜੀ ਪੁਲਿਸ ਨੇ ਦੋਹਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਤੇ ਅਮਨਪ੍ਰੀਤ ਕੌਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਪ੍ਰੇਮੀ ਜੋੜੇ ਨੇ ਕਰੀਬ 1 ਸਾਲ ਪਹਿਲਾਂ ਘਰ ਤੋਂ ਭੱਜ ਕੇ ਵਿਆਹ ਕਰਵਾਇਆ ਸੀ। ਕੁੜੀ ਦੇ ਚਚੇਰੇ ਭਰਾਵਾਂ ਨੂੰ ਸ਼ੁਰੂ ਤੋਂ ਹੀ ਇਹ ਵਿਆਹ ਮਨਜ਼ੂਰ ਨਹੀਂ ਸੀ, ਜਿਸ ਦੇ ਚਲਦੇ ਐਤਵਾਰ ਨੂੰ ਦੋਵੇਂ ਜਣੇ ਜਦੋਂ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੇ ਸਨ ਤਾਂ ਮੁਲਜ਼ਮ ਭਰਾਵਾਂ ਨੇ ਪਹਿਲਾਂ ਆਪਣੀ ਕਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਤੇ ਫਿਰ ਦੋਵਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ।
ਇਸ ਦੌਰਾਨ ਅਮਨਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦ ਕਿ ਅਮਨਪ੍ਰੀਤ ਕੌਰ ਨੂੰ ਜ਼ਖ਼ਮੀ ਹਾਲਤ ਵਿੱਚ ਇੱਕ ਪ੍ਰਾਈਵੇਟ ਹਸਪਤਾਲ 'ਚ ਲਿਜਾਇਆ ਗਿਆ ਪਰ ਉਹ ਮੁੱਢਲੇ ਇਲਾਜ ਦੌਰਾਨ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕੁੜੀ ਦੇ ਭਰਾਵਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਕਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ ਹੈ।