ਤਰਨ ਤਾਰਨ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੁੱਚੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਸਰਕਾਰ ਦੇ ਖਿਲਾਫ਼ ਅੰਦੋਲਨ ਕਰ ਰਹੀਆਂ ਹਨ। ਇਸ ਅੰਦੋਲਨ ਵਿੱਚ ਲਗਭਗ ਸਾਰੀਆਂ ਹੀ ਜਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ।
ਤਰਨ ਤਾਰਨ ਵਿਖੇ ਵੀ ਕੁਝ ਅਜਿਹਾ ਹੀ ਵੇਖਣ ਨੂੰ ਮਿਲਿਆ ਕਿ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨ ਨੂੰ ਰੱਦ ਕਰਾਉਣ ਲਈ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਧਰਨਾ ਲਗਾ ਕੇ ਸੜਕ 'ਤੇ ਨਗਾੜਾ ਵਜਾ ਕੇ ਮੋਦੀ ਦੀ 'ਮਨ ਕੀ ਬਾਤ' ਦਾ ਵਿਰੋਧ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਕਿਸਾਨਾਂ ਦੇ ਹੱਕ ਵਿੱਚ ਤੇ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਮੋਦੀ ਦੀ 'ਮਨ ਕੀ ਬਾਤ' ਦਾ ਵਿਰੋਧ ਸੜਕ 'ਤੇ ਧਰਨਾ ਲਗਾ ਕੇ ਅਤੇ ਨਗਾੜਾ ਵਜਾ ਕੇ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਨੇ ਜਨਤਾ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਡੰਕੇ ਦੀ ਚੋਟ 'ਤੇ ਹੀ ਸਰਕਾਰਾਂ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ। ਉਨ੍ਹਾਂ ਕਿਹਾ ਕਿ ਮੋਦੀ ਦੀ 'ਮਨ ਕੀ ਬਾਤ' ਦਾ ਭਵਿੱਖ ਵਿੱਚ ਵੀ ਇਸ ਤਰ੍ਹਾਂ ਹੀ ਵਿਰੋਧ ਕੀਤਾ ਜਾਵੇਗਾ ਜਦੋਂ ਤੱਕ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਇਸ ਲੋਕ ਵਿਰੋਧੀ ਫ਼ੈਸਲੇ ਦੇ ਬਿਲਕੁਲ ਵਿਰੁੱਧ ਹਨ ਅਤੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣਗੇ।