ਤਰਨ ਤਾਰਨ: ਜ਼ਹਿਰੀਲੀ ਸ਼ਰਾਬ ਪੀਣ ਨਾਲ ਸੂਬੇ 'ਚ ਕਈ ਲੋਕਾਂ ਦੀ ਮੌਤ ਹੋ ਗਈ। ਇਸ 'ਚ ਸਭ ਤੋਂ ਵੱਧ ਮੌਤਾਂ ਤਰਨ ਤਾਰਨ ਜ਼ਿਲ੍ਹੇ 'ਚ ਹੋਈਆਂ ਹਨ। ਸੂਬੇ ਦੇ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤੇ ਬਲਬੀਰ ਸਿੰਘ ਸਿੱਧੂ ਪੰਜਾਬ ਸਰਕਾਰ ਪਾਸੋਂ ਮ੍ਰਿਤਕਾਂ ਦੇ ਪਰਿਵਾਰਾਂ ਦਾ ਦੁੱਖ ਸਾਂਝਾ ਕਰਨ ਪੁੱਜੇ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਾਜ ਕੁਮਾਰ ਵੇਰਕਾ, ਹਰਮਿੰਦਰ ਗਿੱਲ ਤੇ ਸ਼ਹਿਰ ਦੇ ਡਿਪਟੀ ਕਮਿਸ਼ਨਰ ਸਣੇ ਕਈ ਸਿਆਸੀ ਆਗੂ ਤੇ ਸਰਕਾਰੀ ਅਧਿਕਾਰੀ ਮੌਜੂਦ ਰਹੇ। ਦੋਹਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਿਆਂ। ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਇਹ ਭਰੋਸਾ ਦਵਾਇਆ ਕਿ ਇਸ ਦੁੱਖ ਦੇ ਸਮੇਂ 'ਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 2-2 ਲੱਖ ਰੁਪਏ ਮਦਦ ਰਾਸ਼ੀ ਦੇ ਚੈਕ ਦਿੱਤੇ। ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀੜਤਾਂ ਲਈ ਸੂਬਾ ਸਰਕਾਰ ਵੱਲੋਂ ਜਾਰੀ 1.54 ਕਰੋੜ ਸਹਾਇਤਾ ਰਾਸ਼ੀ ਦੇ ਚੈਕ ਵੰਡੇ। ਉਨ੍ਹਾਂ ਪੀੜਤਾਂ ਨੂੰ ਹਰ ਸੰਭਵ ਮਦਦ ਕੀਤੇ ਜਾਣ ਦਾ ਭਰੋਸਾ ਦਿੱਤਾ।
ਕੈਬਿਨੇਟ ਮੰਤਰੀ ਸੁਖਬਿੰਦਰ ਸਰਕਾਰੀਆ ਨੇ ਬੋਲਦਿਆਂ ਹੋਏ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਮੰਦਭਾਗੀ ਘਟਨਾ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਘਟਨਾ ਦੇ ਮੁਲਜ਼ਮਾਂ ਨੂੰ ਸਜ਼ਾ ਜ਼ਰੂਰ ਮਿਲੇਗੀ। ਸਰਕਾਰ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜਿਹੜੇ ਵੀ ਪੁਲਿਸ ਜਾਂ ਸਿਵਲ ਅਧਿਕਾਰੀਆਂ ਦੀ ਮਿਲੀਭੁਗਤ ਜਾਂ ਅਣਗਿਹਲੀ ਸਾਹਮਣੇ ਆਵੇਗੀ, ਉਨਾਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹੋਰਨਾਂ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਲੋਕਾਂ ਪ੍ਰਤੀ ਸੋਗ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ਦੇ ਦੋਸ਼ੀ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਪੀੜਤਾਂ ਪਰਿਵਾਰਾਂ ਨੂੰ 1 ਕਰੋੜ 54 ਲੱਖ ਰੁਪਏ ਦੀ ਵਿੱਤੀ ਮਦਦ ਅਤੇ ਮ੍ਰਿਤਕਾਂ ਦੇ ਨਬਾਲਿਗ ਵਾਰਸਾਂ ਦੇ ਨਾਮ ‘ਤੇ ਐੱਫਡੀ ਕਰਵਾਈ ਜਾਵੇਗੀ।