ਤਰਨਤਾਰਨ: ਦਿੱਲੀ ਦੀਆਂ ਹੱਦਾਂ ’ਤੇ ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਰੀਬ ਢਾਈ ਮਹੀਨੇ ਤੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਤੇ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ’ਚ ਵੀ ਵੱਖ-ਵੱਖ ਥਾਈਂ ਕੇਂਦਰ ਸਰਕਾਰ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਤਰਨਤਾਰਨ ’ਚ ਜਮਹੂਰੀ ਕਿਸਾਨ ਸਭਾ ਤੇ ਸੀ.ਟੀ.ਯੂ. ਪੰਜਾਬ ਵੱਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਤੇ ਸੀ.ਟੀ.ਯੂ. ਪੰਜਾਬ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਸਯੁੰਕਤ ਕਿਸਾਨ ਮੋਰਚੇ ਵੱਲੋਂ ਗਣਰਾਜ ਦਿਹਾੜੇ ਮੌਕੇ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦਾ ਰੂਟ ਤੈਅ ਕੀਤਾ ਗਿਆ ਸੀ, ਪਰ ਕੁਝ ਸ਼ਰਾਰਤੀ ਅਨਸਰਾਂ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਦਾ ਸੰਘਰਸ਼ ਨਾਲ ਕੋਈ ਸਬੰਧੀ ਨਹੀਂ ਹੈ ਤਾਂ ਜੋ ਕਿਸਾਨੀ ਸੰਘਰਸ਼ ਨੂੰ ਢਾਹ ਲਾਈ ਜਾ ਸਕੇ।
ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਸਾਡਾ ਇਹ ਸੰਘਰਸ਼ ਲਗਾਤਾਰ ਚੱਲਦਾ ਰਹੇਗਾ, ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ। ਇਸ ਦੇ ਨਾਲ ਪ੍ਰਦਰਸ਼ਨਕਾਰੀਆਂ ਨੇ ਟਰੈਕਟਰ ਪਰੇਡ ਵਾਲੇ ਦਿਨ ਦਿੱਲੀ ਪੁਲਿਸ ਵੱਲੋਂ ਜੋ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਗਏ ਹਨ ਉਹਨਾਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਹੈ।