ਤਰਨਤਾਰਨ: ਨਸ਼ਾ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਤਰਨ ਤਾਰਨ ਪੁਲਿਸ ਦੀ ਸੀਆਈਏ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਨਸ਼ਾ ਤਸਕਰੀ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰਾਂ ਕੋਲੋਂ 1 ਕਿੱਲੋ ਹੈਰੋਇਨ ਸਣੇ 1 ਲੱਖ ਰੁਪਏ ਨਗਦੀ ਵੀ ਬਰਾਮਦ ਕੀਤੀ ਹੈ।
ਇਸ ਬਾਰੇ ਦੱਸਦੇ ਹੋਏ ਆਈਪੀਐਸ ਅਧਿਕਾਰੀ ਧਰੁਮਨ ਐਚ ਨਿੰਬਾਲੇ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਨੂੰ ਗੁਪਤ ਸੂਚਨਾ ਮਿਲੀ ਸੀ, ਕਿ ਹੈਰੋਇਨ ਤਸਕਰੀ ਕਰਨ ਵਾਲੇ ਕੁੱਝ ਵਿਅਕਤੀ ਗੱਡੀ ਰਾਹੀਂ ਅੰਮ੍ਰਿਤਸਰ-ਛੇਹਰਟਾ ਤੋਂ ਪੱਟੀ ਵੱਲ ਆ ਰਹੇ ਹਨ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਨਾਕੇਬੰਦੀ ਕਰ ਟੀ-ਪੁਆਇੰਟ ਨੇੜੇ ਵਾਹਨਾਂ ਦੀ ਚੈਕਿੰਗ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਹੀ ਮੁਲਜ਼ਮ ਪੱਟੀ ਦੇ ਵਸਨੀਕ ਹਨ।
ਪੁਲਿਸ ਨੇ ਦੋਹਾਂ ਮੁਲਜ਼ਮਾਂ ਤੋਂ 1 ਕਿੱਲੋ ਹੈਰੋਇਨ ਤੇ 1 ਲੱਖ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਖਿਲਾਫ ਥਾਣਾ ਸਦਰ ਤਰਨ ਤਾਰਨ ਵਿਖੇ ਧਾਰਾ 21 ( C ) , 61,85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਉਕਤ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।