ਤਰਨ ਤਾਰਨ: ਨਸ਼ੇ ਦੇ ਕਾਲੇ ਕਾਰੋਬਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਥਾਣਾ ਕੱਚਾ ਪੱਕਾ ਪੁਲਿਸ ਵੱਲੋਂ ਡਰੋਨ ਰਾਹੀਂ ਪਿੰਡਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ।
ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ। ਇਸ ਦੇ ਤਹਿਤ ਹੀ ਪੁਲਿਸ ਨੇ ਡਰੋਨ ਰਾਹੀ ਪਿੰਡਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ।
ਐੱਸਐਚਓ ਗੁਰਨੇਕ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਨਸ਼ਿਆਂ ਵਿਰੁੱਧ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਕੱਚਾ ਪੱਕਾ ਦੀ ਹੱਦ ਅੰਦਰ ਆਉਂਦੇ ਹਰ ਇੱਕ ਪਿੰਡ ਵਿੱਚ ਡਰੋਨ ਰਾਹੀਂ ਚੈਕਿੰਗ ਕੀਤੀ ਤਾਂ ਜੋਂ ਇਨ੍ਹਾਂ ਪਿੰਡਾਂ ਵਿੱਚੋਂ ਨਸ਼ੇ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾ ਸਕੇ।
ਐੱਸਐੱਚਓ ਗੁਰਨੇਕ ਸਿੰਘ ਨੇ ਥਾਣਾ ਕੱਚਾ ਪੱਕਾ ਦੀ ਹੱਦ ਅੰਦਰ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸੀ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਤਾਂ ਜੋ ਇਨ੍ਹਾਂ ਨਸ਼ੇ ਦੇ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।