ਤਰਨ ਤਾਰਨ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਥੇ ਸ਼੍ਰੋਮਣੀ ਅਕਾਲੀ ਦਲ ਦਾ ਮਹਿਲਾ ਵਿੰਗ ਵੀ ਕਿਸਾਨਾਂ ਭਾਈਚਾਰੇ ਦੇ ਸਹਿਯੋਗ ਲਈ ਅੱਗੇ ਆਇਆ। ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਨੇ ਕਿਸਾਨਾਂ ਦੇ ਹੱਕ 'ਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ।
ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਅਕਾਲੀ ਦਲ ਦੇ ਮਹਿਲਾ ਵਿੰਗ ਨੇ ਤਿੰਨ ਘੰਟੇ ਤੱਕ ਸੜਕਾਂ ਜਾਮ ਰੱਖਿਆਂ। ਇਸ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਦਲ ਦੀ ਮਹਿਲਾ ਵਰਕਾਰਾਂ ਤੇ ਆਗੂਆਂ ਨੇ ਇਸ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਕਿਸਾਨਾਂ ਨੇ ਜ਼ਿਲ੍ਹੇ ਦੀਆਂ ਨਹਿਰਾਂ ਕੱਢੇ ਇੱਕਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲਗਾਤਾਰ ਖੇਤੀ ਆਰਡੀਨੈਂਸਾਂ ਤੇ ਬਿੱਜਲੀ ਸੋਧ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲੀ ਦਲ ਪਹਿਲਾਂ ਵੀ ਕਿਸਾਨਾਂ ਦੇ ਹੱਕ ਲਈ ਕੰਮ ਕਰਦਾ ਸੀ ਤੇ ਅਜੇ ਵੀ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਮਨਾਂ ਕਰਨ ਮਗਰੋਂ ਵੀ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਬਿੱਲ ਪਾਸ ਕਰ ਦਿੱਤੇ। ਉਨ੍ਹਾਂ ਮੋਦੀ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਇਨ੍ਹਾਂ ਖੇਤੀ ਬਿੱਲਾਂ ਨੂੰ ਪਾਸ ਕਰਨ ਦੇ ਲਈ ਕੋਰੋਨਾ ਮਹਾਂਮਾਰੀ ਦੇ ਖ਼ਤਮ ਹੋਣ ਦਾ ਇੰਤਜ਼ਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੋਰੋਨਾ ਦੀ ਆੜ 'ਚ ਕਿਸਾਨਾਂ ਦੀਆਂ ਜ਼ਮੀਨਾਂ ਹੜਪਨਾ ਚਾਹੁੰਦੀ ਹੈ ਤੇ ਪੰਜਾਬ ਦੀ ਖੇਤੀਬਾੜੀ ਦਾ ਪੂਰੀ ਤਰ੍ਹਾਂ ਨਿੱਜੀਕਰਣ ਕਰਨਾ ਚਾਹੁੰਦੀ ਹੈ।
ਮਹਿਲਾ ਆਗੂਆਂ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਜਾਰੀ ਕੀਤੇ ਇਨ੍ਹਾਂ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹਨ, ਕਿਉਂਕਿ ਇਹ ਬਿੱਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਝੋਨੇ ਦੀ ਪੱਕੀ ਫਸਲ ਛੱਡ ਕੇ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ 'ਚ ਡੱਟੇ ਹੋਏ ਹਨ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦਾ ਮਹਿਲਾ ਵਿੰਗ ਖੇਤੀ ਆਰਡੀਨੈਂਸਾਂ ਦੇ ਖਿਲਾਫ ਕਿਸਾਨ ਭਾਈਚਾਰੇ ਦਾ ਪੂਰਾ ਸਮਰਥਨ ਕਰੇਗਾ, ਭਾਵੇਂ ਇਸ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣੀ ਪਵੇ।