ਤਰਨ ਤਾਰਨ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰੀ ਕਲਾਂ 'ਚ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਸਰਕਾਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਨਸ਼ਾ ਤਸਕਰੀ ਮਾਮਲੇ ਨੂੰ ਲੈ ਕੇ ਉੱਚ ਅਧਿਕਾਰੀਆਂ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ।
ਇਸ ਸਰਕਾਰੀ ਪ੍ਰੋਗਰਾਮ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਤੇ ਵਿਧਾਇਕ ਧਰਮਵੀਰ ਅਗਨਿਹੋਤਰੀ ਦੇ ਪੁੱਤਰ ਸੰਦੀਪ ਅਗਨਿਹੋਤਰੀ ਮੁੱਖ ਮਹਿਮਾਨ ਵਜੋਂ ਪੁਜੇ।
ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਡਿਪਟੀ ਕਮਿਸ਼ਨਰ ਨਾਲ ਆਪਣੀ ਪਰੇਸ਼ਾਨੀ ਸਾਂਝੀ ਕੀਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਪਿੰਡ 'ਚ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਨਸ਼ਾ ਤਸਕਰ ਕੋਲੋਂ ਮੌਕੇ ਉੱਤੇ 17 ਹਜ਼ਾਰ ਰੁਪਏ ਡਰੱਗ ਮਨੀ, ਨਸ਼ਾ ਤੋਲਣ ਲਈ ਇਸਤਮਾਲ ਕੀਤਾ ਜਾਣ ਵਾਲਾ ਕੰਡਾ ਤੇ ਨਸ਼ੀਲੇ ਪਦਾਰਥ ਬਰਾਮਦ ਕੀਤਾ ਸੀ।
ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਬਾਅਦ 'ਚ ਨਸ਼ਾ ਤਸਕਰ ਨੂੰ ਝਬਾਲ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ, ਪਰ ਪੁਲਿਸ ਨੇ ਨਸ਼ਾ ਤਸਕਰ ਉੱਤੇ ਸਖ਼ਤ ਕਾਰਵਾਈ ਕਰਨ ਦੀ ਬਜਾਏ ਮਹਿਜ 4 ਤੋਂ 5 ਗ੍ਰਾਮ ਹੈਰੋਇਨ ਬਰਾਮਦ ਦਾ ਮਾਮਲਾ ਦਰਜ ਕੀਤਾ ਤੇ ਡਰੱਗ ਮਨੀ ਤੇ ਕੰਡੇ ਬਰਾਮਦ ਹੋਣ ਦਾ ਜ਼ਿਕਰ ਨਹੀਂ ਕੀਤਾ।
ਪਿੰਡ ਵਾਸੀਆਂ ਵੱਲੋਂ ਜਦ ਝਬਾਲ ਪੁਲਿਸ ਕੋਲੋਂ ਇਸ ਉੱਤੇ ਸਵਾਲ ਚੁੱਕੇ ਗਏ ਤਾਂ ਉਨ੍ਹਾਂ ਨੇ ਅਦਾਲਤ 'ਚ ਸਬੂਤ ਪੇਸ਼ ਕਰਨ ਦੀ ਗੱਲ ਆਖੀ ਪਰ ਮਹਿਜ਼ ਕੁੱਝ ਦਿਨਾਂ ਵਿੱਚ ਨਸ਼ਾ ਤਸਕਰ ਰਿਹਾ ਹੋ ਗਿਆ। ਇਸ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਹੈ। ਲੋਕਾਂ ਨੇ ਪੁਲਿਸ ਉੱਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ਲਗਾਏ ਹਨ।
ਹੋਰ ਪੜ੍ਹੋ :ਸੀਬੀਆਈ ਨੇ ਸਹਾਇਕ ਪਾਸਪੋਰਟ ਅਫ਼ਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪਿੰਡ ਵਾਸੀਆਂ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਮਾਮਲੇ ਦੀ ਜਾਂਚ ਕਰਕੇ ਜਲਦ ਤੋਂ ਜਲਦ ਕਰਾਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ 15 ਦਿਨਾਂ 'ਚ ਇਸ ਮਾਮਲੇ ਦੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਨਸ਼ੇ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਿੰਡ ਵਾਸੀਆਂ ਦਾ ਪੂਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ।