ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਉੱਤੇ ਵੱਡਾ ਬਿਆਨ ਦਿੱਤਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਰਾਜਧਾਨੀ ਦਿੱਲੀ ਨੂੰ ਸੂਬਾ ਬਣਾਏ ਜਾਣ ਦੀ ਉਨ੍ਹਾਂ ਵੱਲੋਂ ਕੀਤੀ ਗਈ ਮੰਗ ਨੂੰ ਮੰਨ ਲੈਂਦੀ ਹੈ ਤਾਂ ਉਹ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਅਹੁਦੇ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਸਮਰਥਨ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਉਹ ਕਾਂਗਰਸ ਦਾ ਸਮਰਥਨ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਕੇਂਦਰ ਵਿੱਚ ਭਾਜਪਾ ਦੀ ਹਾਰ ਨਿਸ਼ਚਤ ਕਰਨਾ ਚਾਹੁੰਦੇ ਹਨ।
ਜ਼ਿਕਰਯੋਗ ਹੈ ਕਿ ਇਸ ਵਾਰ ਦੀਆਂ ਲੋਕਸਭਾ ਚੋਣਾਂ ਦੌਰਾਨ 'ਆਪ' ਪਾਰਟੀ ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿੱਚ ਵੀ ਰਾਜਧਾਨੀ ਦਿੱਲੀ ਬਤੌਰ ਸੂਬਾ ਦਰਜਾ ਦਿੱਤੇ ਜਾਣ ਦੀ ਗੱਲ ਦਾ ਜ਼ਿਕਰ ਕੀਤਾ ਗਿਆ ਸੀ। ਚੋਣ ਮਨੋਰਥ ਪੱਤਰ ਰਾਹੀਂ ਵਿੱਚ ਦਿੱਲੀ ਦੇ ਵਿਕਾਸ ਅਤੇ ਦਿੱਲੀ ਨੂੰ ਪੂਰੀ ਤਰ੍ਹਾਂ ਨਾਲ ਸੂਬਾ ਬਣਾਉਂਣ ਉੱਤੇ ਵਿਸ਼ੇਸ਼ ਜੋਰ ਦਿੱਤਾ ਗਿਆ। ਚੋਣ ਮਨਰੋਥ ਪੱਤਰ ਜਾਰੀ ਕਰਨ ਵੇਲੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਨੂੰ ਕੋਈ ਵੀ ਕੰਮ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਲੈਣੀ ਪੈਂਦੀ ਹੈ।