ਜਲੰਧਰ: ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ 19 ਮਈ ਨੂੰ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਨੇ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਨਾਮਜ਼ਦਗੀ ਪੱਤਰ ਭਰਨ ਲਈ ਟਿਕਣ ਨਾ ਮਿਲਣ ਤੋਂ ਨਰਾਜ਼ ਚੱਲ ਰਹੇ ਮਹਿੰਦਰ ਕੇਪੀ ਸਿੰਘ ਨੇ ਵੀ ਮੀਡੀਆ ਨਾਲ ਆਪਣੇ ਵਿਚਾਰ ਰੱਖੇ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਚੌਧਰੀ ਦੇ ਹੱਕ ਵਿੱਚ ਰੈਲੀ ਕੀਤੀ।
ਚੌਧਰੀ ਸੰਤੋਖ ਸਿੰਘ ਦੇ ਹੱਕ ਵਿੱਚ ਕੀਤੀ ਰੈਲੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ 'ਤੇ ਜਮ ਕੇ ਵਰ੍ਹੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਜਿਹੇ ਉਮੀਦਵਾਰਾਂ ਨੂੰ ਟਿਕਟ ਦੇ ਰਹੀ ਹੈ ਜਿਨ੍ਹਾਂ ਦਾ ਸਬੰਧ ਅੱਤਵਾਦੀਆਂ ਗਤੀਵਿਧੀਆਂ ਨਾਲ ਰਿਹਾ ਹੈ।
ਚੌਧਰੀ ਸੰਤੋਖ ਸਿੰਘ ਨਾਲ ਨਾਮਜ਼ਦਗੀ ਭਰਨ ਆਏ ਕਾਂਗਰਸ ਦੇ ਰੁੱਸੇ ਹੋਏ ਨੇਤਾ ਮਹਿੰਦਰ ਕੇਪੀ ਸਿੰਘ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਟਿਕਟ ਨਾ ਮਿਲਣ ਦਾ ਧੋੜਾ ਜਾ ਮਲਾਲ ਜ਼ਰੂਰ ਸੀ ਪਰ ਉਨ੍ਹਾਂ ਨੇ ਪਰਿਵਾਰ ਵਿੱਚ ਰਹਿ ਕੇ ਫ਼ੈਸਲਾ ਕੀਤਾ ਹੈ ਕਿ ਉਹ ਹੋਰ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਉਹ ਕਾਂਗਰਸ ਦੇ ਸੱਚੇ ਸਿਪਾਹੀ ਹਨ ਅਤੇ ਹਮੇਸ਼ਾ ਰਹਿਣਗੇ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਇਸ ਨਰਾਜ਼ਗੀ ਨੂੰ ਖ਼ਤਮ ਕਰਨ ਪਿੱਛੇ ਕੀ ਕੋਈ ਲਾਲਚ ਤਾਂ ਨਹੀਂ ਤਾਂ ਉਨ੍ਹਾਂ ਇਸ ਗੱਲ ਦਾ ਜਵਾਬ ਟਾਲ ਮਟੋਲ ਕਰ ਦਿੱਤਾ।