ਲੁਧਿਆਣਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਦਲ ਬਦਲੀ ਦਾ ਸਿਲਸਿਲਾ ਜਾਰੀ ਹੈ, ਉੱਥੇ ਹੀ ਸਿਆਸਤਦਾਨਾਂ ਵੱਲੋਂ ਇੱਕ-ਦੂਜੇ ਵਿਰੁੱਧ ਜੰਮ ਕੇ ਨਿਸ਼ਾਨੇ ਵੀ ਲਾਏ ਜਾ ਰਹੇ ਹਨ। ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਆਧਾਰ ਮੁੜ ਬਣਾਉਣ ਲਈ ਟੌਹੜਾ ਪਰਿਵਾਰ ਅਤੇ ਜਗਮੀਤ ਬਰਾੜ ਨੂੰ ਅਕਾਲੀ ਦਲ 'ਚ ਸ਼ਾਮਲ ਕਰਵਾਇਆ ਹੈ, ਉੱਥੇ ਹੀ ਭਾਜਪਾ ਵੱਲੋਂ ਸੰਨੀ ਦਿਓਲ ਨੂੰ ਪਾਰਟੀ 'ਚ ਸ਼ਾਮਲ ਕਰਵਾ ਕੇ ਹੁਸ਼ਿਆਰਪੁਰ ਤੋਂ ਚੋਣ ਲੜਵਾਉਣ ਦੀਆਂ ਕਿਆਸਰਾਈਆਂ ਵੀ ਚੱਲ ਰਹੀਆਂ ਹਨ ਜਿਸ ਨੂੰ ਲੈ ਕੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਨੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੰਨੀ ਦਿਓਲ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਐਕਟਰ ਤਾਂ ਚੋਣਾਂ ਲੜਣ ਤੋਂ ਬਾਅਦ ਵਾਪਸ ਮੁੰਬਈ ਚੱਲੇ ਜਾਂਦੇ ਹਨ, ਉਸ ਤੋਂ ਬਾਅਦ ਜਨਤਾ ਦਾ ਕੀ ਹੋਵੇਗਾ?
ਇਸ ਤੋਂ ਇਲਾਵਾ ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਟੌਹੜਾ ਪਰਿਵਾਰ ਨੂੰ ਆਪਣੇ ਨਿਜੀ ਫ਼ਾਇਦੇ ਲਈ ਹੀ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਅਕਾਲੀ ਦਲ ਖ਼ੁਦ ਹੀ ਉਨ੍ਹਾਂ ਨੂੰ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਬੀਤੀਆਂ ਚੋਣਾਂ 'ਚ ਟੌਹੜਾ ਪਰਿਵਾਰ ਆਮ ਆਦਮੀ ਪਾਰਟੀ 'ਚ ਵੀ ਸ਼ਾਮਲ ਹੋਇਆ ਸੀ। ਖਡੂਰ ਸਾਹਿਬ ਤੋਂ ਪੀਡੀਏ ਦੀ ਉਮੀਦਵਾਰ ਬੀਬੀ ਖਾਲੜਾ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੇ ਨੋਟਿਸ ਜਾਰੀ ਕਰਨ ਸਬੰਧੀ ਪੁੱਛੇ ਸਵਾਲ 'ਤੇ ਰਵਨੀਤ ਬਿੱਟੂ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।,