ਵਾਸ਼ਿੰਗਟਨ: ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮਰਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ਵਿੱਚ ਕੋਵਿਡ-19 ਪ੍ਰਭਾਵਿਤ ਲੋਕਾਂ ਦੀ ਗਿਣਤੀ 5 ਲੱਖ 50 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ।
ਜੌਨਸ ਹੌਪਕਿਨਸ ਯੂਨੀਵਰਸਿਟੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਂਮਾਰੀ ਕਾਰਨ 1514 ਲੋਕਾਂ ਦੀ ਮੌਤ ਹੋਈ ਹੈ।
ਅਮਰੀਕਾ 'ਚ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਸੰਕ੍ਰਮਿਤ ਲੋਕਾਂ ਦਾ ਅੰਕੜਾ 556,044 ਪਹੁੰਚ ਚੁੱਕਾ ਹੈ, ਜਦਕਿ ਹੁਣ ਤਕ ਕੁੱਲ 22,073 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਅਮਰੀਕਾ ਨੇ ਹੁਣ ਤਕ ਦੁਨੀਆ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਕੋਰੋਨਾ ਟੈਸਟ ਕੀਤੇ ਹਨ। ਅਮਰੀਕਾ ਹੁਣ ਤੱਕ 28 ਲੱਖ ਤੋਂ ਜ਼ਿਆਦਾ ਲੋਕਾਂ ਦਾ ਟੈਸਟ ਕਰ ਚੁੱਕਾ ਹੈ।
ਵਿਸ਼ਵ ਪੱਧਰ ਦੀ ਗੱਲ ਕਰੀਏ ਤਾਂ ਦੁਨੀਆ ਭਰ ਵਿੱਚ ਹੁਣ ਤੱਕ 1,848,503 ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ ਅਤੇ 114,185 ਲੋਕ ਇਸ ਖ਼ਤਰਨਾਕ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਦੁਨੀਆ ਭਰ 'ਚ ਹੁਣ ਤਕ 431,629 ਲੋਕ ਠੀਕ ਹੋ ਚੁੱਕੇ ਹਨ।