ਨਵੀਂ ਦਿੱਲੀ: ਜੰਮੂ ਕਸ਼ਮੀਰ ਵਿੱਚ ਧਾਰਾ 370 ਦੇ ਕੁਝ ਹਿੱਸੇ ਖ਼ਤਮ ਕਰਨ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ ਦੇ ਮੰਤਰੀਆਂ ਵੱਲੋਂ ਮੋਦੀ ਸਰਕਾਰ ਦੇ ਇਸ ਫ਼ੈਸਲੇ ਦਾ ਸਮਰਥਨ ਕੀਤਾ ਗਿਆ ਹੈ। ਉੱਥੇ ਹੀ ਇਸ ਮੁੱਦੇ 'ਤੇ ਕੈਨੇਡਾ ਦੀ ਵਿਰੋਧੀ ਪਾਰਟੀ ਐੱਨਡੀਪੀ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।
ਕਸ਼ਮੀਰ ਮੁੱਦੇ 'ਤੇ ਬੋਲਦੇ ਹੋਏ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਸਿੱਖ ਆਗੂ ਜਗਮੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਕਸ਼ਮੀਰ ਵਿੱਚ ਕੀਤੀ ਗਈ ਸਖ਼ਤ ਕਾਰਵਾਈ 'ਤੇ ਮਨੁੱਖੀ ਅਧਿਕਾਰਾਂ ਦੀ ਫਿਕਰਮੰਦੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖ਼ਤਮ ਕਰਨ ਦੇ ਸਖ਼ਤ ਕਦਮ ਚੁੱਕੇ ਹਨ ਅਤੇ ਕਸ਼ਮੀਰ ਦੇ ਕਈ ਸਿਆਸੀ ਆਗੂਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਜ਼ਾਰਾਂ ਦੀ ਗਿਣਤੀ 'ਚ ਫ਼ੌਜੀ ਜੰਮੂ ਕਸ਼ਮੀਰ ਵਿੱਚ ਤਾਇਨਾਤ ਹਨ। ਪਾਰਟੀ ਨੇ ਕਿਹਾ ਕਿ ਅਸੀਂ ਇਨ੍ਹਾਂ ਹਾਲਾਤਾਂ ਤੋਂ ਫਿਕਰਮੰਦ ਹਾਂ, ਜਿਸ ਨਾਲ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਖਦਸ਼ਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੈਨੇਡਾ ਦੀ ਸੱਤਾਧਾਰੀ ਲਿਬਰਲ ਸਰਕਾਰ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ 'ਤੇ ਭਾਰਤ ਨੂੰ ਸਖ਼ਤ ਸੰਦੇਸ਼ ਦਵੇ।