ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਵਿਸ਼ਵ ਵਿੱਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 1.19 ਕਰੋੜ ਤੱਕ ਪਹੁੰਚ ਚੁੱਕੀ ਹੈ ਤੇ 5.45 ਲੱਖ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੌਰਾਨ ਪਾਕਿਸਤਾਨ ਦੀ ਸਥਿਤੀ ਕਾਫੀ ਖ਼ਰਾਬ ਹੈ। ਇੱਥੇ 50 ਫੀਸਦੀ ਲੋਕ ਆਪਣੀ ਨੌਕਰੀ ਗੁਆ ਚੁੱਕੇ ਹਨ। ਦੂਜੇ ਪਾਸੇ ਬ੍ਰਾਜ਼ੀਲ ਵਿਚ ਹਾਲਾਤ ਅਜੇ ਵੀ ਮਾੜੇ ਹਨ।
ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 29 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ ਲਗਭਗ 1.31 ਲੱਖ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ ਲਗਭਗ 620 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਦੇਸ਼ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 65 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਲਾਗ ਦੇ 20,229 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਹੁਣ ਤੱਕ 16.23 ਤੋਂ ਵੱਧ ਲੋਕ ਮਹਾਂਮਾਰੀ ਨਾਲ ਪ੍ਰਭਾਵਿਤ ਹੋਏ ਹਨ। ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਕੋਰੋਨਾ ਪ੍ਰਭਾਵਿਤ ਦੇਸ਼ਾਂ ਵਿੱਚ ਦੂਜੇ ਨੰਬਰ 'ਤੇ ਹੈ।
ਆਸਟ੍ਰੇਲੀਆ ਦੇ ਮੈਲਬਰਨ ਸਮੇਤ ਵੱਖ-ਵੱਖ ਖੇਤਰਾਂ ਵਿਚ ਮੁੜ ਤੋਂ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 191 ਨਵੇਂ ਮਾਮਲੇ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ, ਜਿਸ ਮੁਤਾਬਕ ਮੈਲਬਰਨ ਸਮੇਤ ਵਿਕਟੋਰੀਆ ਰਾਜ ਦੇ ਕਈ ਕਸਬਿਆਂ ਵਿੱਚ 6 ਹਫ਼ਤਿਆਂ ਤੋਂ ਤਾਲਾਬੰਦੀ ਮੁੜ ਲਾਗੂ ਕੀਤੀ ਗਈ ਹੈ।
ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2,691 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 77 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਕੇ 2,34,508 ਹੋ ਗਈ ਹੈ ਅਤੇ ਲਾਗ ਦੇ ਕਾਰਨ 4,839 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ।