ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਇਲੈਕਲ ਜੋਅ ਬਾਇਡਨ ਅਤੇ ਨਵੇਂ ਉਪ ਰਾਸ਼ਟਰਪਤੀ ਇਲੈਕਟ ਕਮਲਾ ਹੈਰਿਸ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਫੋਨ ਕਰ ਜਿੱਤ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਉਮੀਦ ਜਤਾਈ ਸੀ ਕਿ ਬਾਇਡਨ-ਹੈਰਿਸ ਪ੍ਰਸ਼ਾਸਨ ਨਾਲ ਭਾਰਤ-ਅਮਰੀਕਾ ਦੇ ਰਿਸ਼ਤੇ ਨਵੀਂਆਂ ਉਚਾਈਆਂ ਨੂੰ ਛੂਹਣਗੇ।
ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਡੀਆਂ ਸਾਂਝੀਆਂ ਤਰਜੀਹਾਂ ਅਤੇ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਨਵੇਂ ਉਪ ਰਾਸ਼ਟਰਪਤੀ ਇਲੈਕਟ ਕਮਲਾ ਹੈਰਿਸ ਨਾਲ ਵੀ ਫੋਨ ’ਤੇ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਮਲਾ ਹੈਰਿਸ ਦੀ ਜਿੱਤ ਭਾਰਤੀ-ਅਮਰੀਕੀ ਕਮਿਊਨਿਟੀ ਦੇ ਮੈਂਬਰਾਂ ਲਈ ਬਹੁਤ ਮਾਣ ਅਤੇ ਪ੍ਰੇਰਣਾ ਦੀ ਗੱਲ ਹੈ, ਜਿਹੜੇ ਭਾਰਤ-ਅਮਰੀਕਾ ਸਬੰਧਾਂ ਲਈ ਇੱਕ ਜ਼ਬਰਦਸਤ ਮਾਧਿਅਮ ਹਨ।