ਵਾਸ਼ਿੰਗਟਨ: ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਦੇ ਕੋਰੋਨਾ ਵਾਇਰਸ ਸਕਾਰਾਤਮਕ ਹੋਣ ਦੀ ਪੁਸ਼ਟੀ ਹੋਈ ਹੈ।
ਅਮਰੀਕਾ ਵਿੱਚ 40 ਲੱਖ ਤੋਂ ਜ਼ਿਆਦਾ ਵਿਅਕਤੀ ਕੋਰੋਨਾ ਮਰੀਜ਼ ਹਨ ਅਤੇ ਓ ਬ੍ਰਾਇਨ ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ ਪੀੜਤ ਹੋਣ ਵਾਲੇ ਸਭ ਤੋਂ ਉੱਚ ਦਰਜੇ ਦੇ ਅਧਿਕਾਰੀ ਹਨ।
ਵ੍ਹਾਈਟ ਹਾਊਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਓ ਬ੍ਰਾਇਨ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ ਅਤੇ ਉਹ ਇੱਕ ਸੁਰੱਖਿਅਤ ਜਗ੍ਹਾ 'ਤੇ ਆਈਸੋਲੇਸ਼ਨ ਵਿੱਚ ਰਹਿ ਕੇ ਕੰਮ ਕਰ ਰਹੇ ਹਨ ਅਤੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦਾ ਕੰਮ ਨਿਰਵਿਘਨ ਜਾਰੀ ਹੈ।
ਓ ਬ੍ਰਾਇਨ ਦੇ ਕੋਰੋਨਾ ਪੀੜਤ ਹੋਣ ਦੀ ਖ਼ਬਰ ਸਭ ਤੋਂ ਪਹਿਲਾਂ ਬਲੂਮਬਰਗ ਨਿਊਜ਼ ਵੱਲੋਂ ਪ੍ਰਕਾਸ਼ਤ ਕੀਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਦੱਸਣਯੋਗ ਹੈ ਕਿ ਵ੍ਹਾਈਟ ਹਾਊਸ ਦੇ ਉੱਚ ਅਧਿਕਾਰੀ ਅਤੇ ਹੋਰ ਜਿਹੜੇ ਵੀ ਵਿਅਕਤੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਨਜ਼ਦੀਕੀ ਸੰਪਰਕ ਵਿੱਚ ਆਉਂਦੇ ਹਨ, ਉਨ੍ਹਾਂ ਦੀ ਰੋਜ਼ਾਨਾ ਕੋਰੋਨਾ ਜਾਂਚ ਕੀਤੀ ਜਾਂਦੀ ਹੈ।