ਵਾਸ਼ਿੰਗਟਨ: ਅਮਰੀਕਾ ਨੇ ਚੀਨ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਹਾਂਗਕਾਂਗ ਵਿੱਚ ਚੀਨੀ ਕਮਿਊਨਿਸਟ ਪਾਰਟੀ (ਸੀਸੀਪੀ) ਦੇ ਅਧਿਕਾਰੀਆਂ ਖ਼ਿਲਾਫ਼ ਵੀਜ਼ਾ ਪਾਬੰਦੀਆਂ ਲਗਾਈਆਂ ਹਨ। ਇੱਕ ਪ੍ਰੈਸ ਬ੍ਰੀਫਿੰਗ ਵਿੱਚ ਯੂਐਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਸੀਸੀਪੀ ਅਧਿਕਾਰੀਆਂ ਖਿਲਾਫ ਵੀਜ਼ਾ ਪਾਬੰਦੀ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਚੀਨੀ ਕਮਿਊਨਿਸਟ ਪਾਰਟੀ ਦੇ ਅਧਿਕਾਰੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਕੀਤਾ ਹੈ, ਜੋ ਹਾਂਗਕਾਂਗ ਦੀ ਆਜ਼ਾਦੀ ਖ਼ਤਮ ਕਰਨਾ ਚਾਹੁੰਦੇ ਹਨ। ਅਸੀਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੌਂਪੀਓ ਨੇ ਕਿਹਾ ਕਿ ਬੀਜਿੰਗ ਅਧਿਕਾਰੀਆਂ ਵੱਲੋਂ ਹਾਂਗਕਾਂਗ ਦੇ ਸ਼ਾਸਨ ਦੀ ਨਿਗਰਾਨੀ ਕਰਨ ਦੇ ਐਲਾਨ ਦੇ ਨਾਲ ਹੀ ਚੀਨੀ ਕਮਿਊਨਿਸਟ ਪਾਰਟੀ ਨੇ ਹਾਂਗਕਾਂਗ ਦੀ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਜਿੰਗ ਇਕਤਰਫਾ ਅਤੇ ਮਨਮਾਨੀ ਨਾਲ ਹਾਂਗਕਾਂਗ ਉੱਤੇ ਰਾਸ਼ਟਰੀ ਸੁਰੱਖਿਆ ਐਕਟ ਲਗਾ ਰਿਹਾ ਹੈ।
ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਚੀਨੀ ਸਰਕਾਰ ਹਾਂਗਕਾਂਗ ਦੀ ਖੁਦਮੁਖਤਿਆਰੀ ਲਈ ਚੀਨ-ਬ੍ਰਿਟਿਸ਼ ਸਾਂਝੇ ਐਲਾਨਨਾਮੇ ਵਿੱਚ ਕੀਤੀਆਂ ਆਪਣੀਆਂ ਪ੍ਰਤੀਬੱਧਤਾਵਾਂ ਅਤੇ ਜ਼ਿੰਮੇਵਾਰੀਆਂ ਦੇ ਉਲਟ ਕੰਮ ਕਰ ਰਹੀ ਹੈ। ਉਸੇ ਸਮੇਂ ਹਾਂਗਕਾਂਗ ਵਿਚ ਮਨੁੱਖੀ ਅਧਿਕਾਰਾਂ ਅਤੇ ਬੁਨਿਆਦੀ ਆਜ਼ਾਦੀਆਂ ਨੂੰ ਕਮਜ਼ੋਰ ਕਰ ਰਹੀ ਹੈ।