ਲਾਹੌਰ: ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸ਼ਰਧਾਲੂਆਂ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵਿੱਚ 10 ਹਜ਼ਾਰ ਸਿੱਖ ਰਹਿੰਦੇ ਹਨ, ਜਿਵੇਂ ਭਾਰਤ ਦੇ ਸਿੱਖਾਂ ਲਈ ਇਹ ਲਾਂਘਾ ਖੁਲ੍ਹਿਆ ਹੈ, ਇਸੇ ਤਰ੍ਹਾਂ ਅਕਾਲ ਪੁਰਖ਼ ਤੇ ਦੋਹਾਂ ਸਰਕਾਰਾਂ ਨੂੰ ਬੇਨਤੀ ਹੈ ਕਿ ਉਸੇ ਤਰ੍ਹਾਂ ਪਾਕਿਸਤਾਨ ਦੇ ਸਿੱਖਾਂ ਵਾਸਤੇ ਵੀ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਸ ਧਰਤੀ 'ਤੇ ਬਹੁਤ ਲੰਮਾਂ ਸਮਾਂ ਬਤੀਤ ਕੀਤਾ ਹੈ ਤੇ ਕਈ ਬਾਣੀਆਂ ਵੀ ਆਪਣੇ ਮੁਖਾਰਬਿੰਦ ਤੋਂ ਉਚਾਰੀਆਂ ਹਨ ਤੇ ਅੱਜ ਉਨ੍ਹਾਂ ਦੇ ਫ਼ਲਸਫ਼ੇ ਨੂੰ ਸਮਾਜ ਤੱਕ ਪਹੁੰਚਾਉਣ ਦੀ ਲੋੜ ਹੈ। ਗੁਰੂ ਨਾਨਕ ਦੇਵ ਜੀ ਦਾ ਫਲਸਫ਼ਾ ਹਰ ਤਰ੍ਹਾਂ ਦੇ ਵਿਤਕਰੇ ਨੂੰ ਦੂਰ ਕਰਦਾ ਹੈ।