ਇਸਲਾਮਾਬਾਦ: ਪਾਕਿਸਤਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ 26/11 ਦੇ ਮੁੰਬਈ ਹਮਲੇ ਦਾ ਮਾਸਟਰ ਮਾਈਂਡ ਅਤੇ ਲਸ਼ਕਰ-ਏ-ਤੋਇਬਾ ਦਾ ਸਰਗਨਾ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅੱਤਵਾਦੀ ਫੰਡਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਪਾਕਿਸਤਾਨ ਦੇ ਪੰਜਾਬ ਵਿੱਚ ਅੱਤਵਾਦੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਾਕਿਸਤਾਨ ਦੇ ਪੰਜਾਬ ਵਿੱਚ ਅੱਤਵਾਦ ਰੋਕੂ ਵਿਭਾਗ ਦੇ ਬੁਲਾਰੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਲਖਵੀ ਨੂੰ ਲਾਹੌਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਲਖਵੀ ਨੂੰ ਸਾਲ 2008 ਦੇ ਮੁੰਬਈ ਹਮਲੇ ਤੋਂ ਬਾਅਦ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਨੇ ਅੰਤਰਰਾਸ਼ਟਰੀ ਪੱਧਰ 'ਤੇ ਅੱਤਵਾਦੀ ਘੋਸ਼ਿਤ ਕੀਤਾ ਸੀ।
ਤੁਹਾਨੂੰ ਦੱਸ ਦੇਈਏ ਕਿ 26 ਨਵੰਬਰ 2008 ਨੂੰ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਪਾਕਿਸਤਾਨੀ ਫ਼ੌਜ ਅਤੇ ਖੁਫੀਆ ਏਜੰਸੀ ਦੀ ਸ਼ਹਿ 'ਤੇ ਮੁੰਬਈ ਵਿੱਚ ਕਈ ਥਾਵਾਂ 'ਤੇ ਹਮਲੇ ਕੀਤੇ ਸਨ। ਇਸ ਹਮਲੇ ਵਿੱਚ ਬਹੁਤ ਸਾਰੇ ਵਿਦੇਸ਼ੀਆਂ ਸਣੇ 155 ਲੋਕ ਮਾਰੇ ਗਏ ਸਨ। ਇਸ ਹਮਲੇ ਦਾ ਮਾਸਟਰ ਮਾਈਂਡ ਜ਼ਕੀਉਰ ਰਹਿਮਾਨ ਲਖਵੀ ਹੈ, ਜਿਸ ਨੂੰ ਪਾਕਿਸਤਾਨ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ’ਤੇ ਰਿਹਾ ਕੀਤਾ ਗਿਆ ਸੀ।