ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਤਸਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹਾਫ਼ਿਜ਼ ਸਈਦ ਦੀਆਂ ਦੋ ਸੰਸਥਾਵਾਂ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ।
ਪਾਕਿਸਤਾਨ ਦੇ ਅੰਦਰੂਨੀ ਸੁਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਨੈਸ਼ਨਲ ਸਿਕਿਓਰਿਟੀ ਕਾਊਂਸਲ ਦੀ ਬੈਠਕ ਦੌਰਾਨ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਬੈਠਕ 'ਚ ਗ਼ੈਰ-ਕਾਨੂੰਨੀ ਕਰਾਰ ਦਿੱਤੀਆਂ ਗਈਆਂ ਸੰਸਥਾਵਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਜਮਾਤ-ਉਦ-ਦਾਵਾ ਅਤੇ ਫ਼ਲਾਹ-ਏ-ਇਨਸਾਨੀਅਤ ਫ਼ਾਊਂਡੇਸ਼ਨ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਮਾਮਲਿਆਂ ਦੇ ਮੰਤਰੀ ਇਨ੍ਹਾਂ ਦੋਹਾਂ ਸੰਸਥਾਵਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤੇ ਜਾਣ ਦਾ ਨੋਟੀਫ਼ਿਕੇਸ਼ਨ ਜਾਰੀ ਕਰਨਗੇ।