ਢਾਕਾ: ਨਾਗਰਿਕ ਸੋਧ ਕਾਨੂੰਨ ਨੂੰ ਲੈ ਕੇ ਭਾਰਤ ਵਿੱਚ ਹੋ ਰਹੇ ਵਿਵਾਦਾ ਦੌਰਾਨ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ.ਕੇ. ਅਬਦੁਲ ਮੋਮੇਨ ਨੇ ਕਿਹਾ ਕਿ ਜੋ ਵੀ ਭਾਰਤੀ ਗੈਰ-ਕਾਨੂੰਨੀ ਤਰੀਕੇ ਨਾਲ ਬੰਗਲਾਦੇਸ਼ 'ਚ ਦਾਖਲ ਹੋਏ ਹਨ, ਉਨ੍ਹਾਂ ਨੂੰ ਵੀ ਵਾਪਸ ਭੇਜਿਆ ਜਾਵੇਗਾ।
ਅਬਦੁਲ ਨੇ ਕਿਹਾ ਕਿ ਸਰਕਾਰ ਇਸ ਦੀ ਜਾਂਚ ਕਰਵਾਏਗੀ ਕਿ ਇਨ੍ਹਾਂ ਲੋਕਾਂ ਕੋਲ ਕਾਨੂੰਨ ਦਸਤਾਵੇਜ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇ ਉਹ ਲੋਕ ਗੈਰ-ਬੰਗਲਾਦੇਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ ਵਾਪਸ ਭਾਰਤ ਭੇਜਿਆ ਜਾਵੇਗਾ। ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਭਾਰਤ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਬੰਗਲਾਦੇਸ਼ੀਆਂ ਨੂੰ ਜਾਂਚ ਤੋਂ ਬਾਅਦ ਵਾਪਸ ਬੁਲਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਭਾਰਤੀ ਵਿਦੇਸ਼ ਮੰਤਰਾਲਾ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਬੰਗਲਾਦੇਸ਼ ਬਾਰਡਰ ਪੁਲਿਸ ਮੁਤਾਬਿਕ ਭਾਰਤ 'ਚ ਐਨਆਰਸੀ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਤੋਂ ਬਾਅਦ ਸਰਹੱਦ ਪਾਰ ਕਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। ਪੁਲਿਸ ਨੇ 300 ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਭਾਰਤ ਤੋਂ ਬੰਗਲਾਦੇਸ਼ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।