ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਬਈ ਦੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਦੁਬਈ ਦੀਆਂ ਸੰਗਤਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਸੱਭਿਆਚਾਰਕ ਮਾਮਲੇ, ਤਕਨੀਕੀ ਸਿਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਏ।
ਉਨ੍ਹਾਂ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਚੰਨੀ ਨੇ ਕਿਹਾ ਕਿ ਜਗਤ ਗੁਰੂ ਨਾਨਕ ਸਾਹਿਬ ਵੱਲੋਂ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਦੇ ਤਹਿਤ ਅੱਜ ਦੁਨੀਆਂ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ ਵੱਖ ਧਰਮਾਂ ਨਾਲ ਸਬੰਧਤ ਲੋਕ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਪੂਰਾ ਸਾਲ ਜਾਰੀ ਰਹੇਗੀ।
ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 21 ਫਰਵਰੀ ਨੂੰ ਵਿਸ਼ਵ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਸਪਤਾਹ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਣਗੇ।
ਚੰਨੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬੀ ਸਪਤਾਹ ਦੌਰਾਨ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਹਿੱਸਾ ਬਨਣ ਅਤੇ ਗੁਰੂ ਨਾਨਕ ਸਾਹਿਬ ਵੱਲੋਂ ਬਖਸ਼ੀ ਹੋਈ ਪੰਜਾਬੀ ਬੋਲੀ ਅਤੇ ਗੁਰਮੁਖੀ ਲਿਪੀ ਨੂੰ ਦੁਨੀਆਂ ਭਰ ਵਿੱਚ ਪ੍ਰਫੁਲਤ ਕਰਨ ਵਿਚ ਆਪਣਾ ਯੋਗਦਾਨ ਪਾਉਣ।