ਨਵੀਂ ਦਿੱਲੀ: ਭਾਰਤ ਨੇ ਲਗਭਗ ਦੋ ਮਹੀਨਿਆਂ ਦੇ ਬ੍ਰੇਕ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾ ਬਹਾਲ (Electronic visa service restored) ਕਰ ਦਿੱਤੀ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸਤੰਬਰ ਵਿੱਚ ਭਾਰਤ ਅਤੇ ਕੈਨੇਡਾ ਦੇ ਸਬੰਧ ਉਸ ਸਮੇਂ ਤਣਾਅਪੂਰਨ ਬਣ ਗਏ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ (Possible involvement of Indian agents) ਦਾ ਇਲਜ਼ਾਮ ਲਾਇਆ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਐਲਾਨਿਆ ਸੀ।
ਈ-ਵੀਜ਼ਾ ਸੇਵਾ ਮੁੜ ਸ਼ੁਰੂ: ਭਾਰਤ ਨੇ ਟਰੂਡੋ ਦੇ ਇਲਜ਼ਾਮਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ। ਕੁੱਝ ਦਿਨਾਂ ਬਾਅਦ, ਭਾਰਤ ਨੇ ਐਲਾਨ ਕੀਤਾ ਕਿ ਉਹ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ (Issuance of visas to Canadian citizens) ਕਰਨ ਦੀ ਪ੍ਰਕਿਰਿਆ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਰਿਹਾ ਹੈ। ਉਨ੍ਹਾਂ ਕੈਨੇਡਾ ਨੂੰ ਭਾਰਤ ਵਿੱਚ ਆਪਣੇ ਡਿਪਲੋਮੈਟਾਂ ਦੀ ਗਿਣਤੀ (Number of diplomats) ਘਟਾਉਣ ਲਈ ਵੀ ਕਿਹਾ। ਭਾਰਤ ਨੇ ਕੈਨੇਡਾ ਨੂੰ ਆਪਣੀ ਧਰਤੀ ਤੋਂ ਸਰਗਰਮ ਅੱਤਵਾਦੀਆਂ ਅਤੇ ਭਾਰਤ ਵਿਰੋਧੀ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਸੀ। ਸੂਤਰਾਂ ਨੇ ਦੱਸਿਆ ਕਿ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ।
ਕੋਈ ਸਬੂਤ ਸਾਂਝਾ ਨਹੀਂ ਕੀਤਾ: ਦੱਸ ਦੇਈਏ ਕਿ ਬ੍ਰਿਟੇਨ ਦੌਰੇ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ (External Affairs Minister S Jaishankar) ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ ਜੇਕਰ ਤੁਹਾਡੇ ਕੋਲ ਅਜਿਹਾ ਇਲਜ਼ਾਮ ਲਗਾਉਣ ਦਾ ਕੋਈ ਕਾਰਨ ਹੈ ਤਾਂ ਕਿਰਪਾ ਕਰਕੇ ਇਸ ਦੇ ਸਬੂਤ ਸਾਂਝੇ ਕਰੋ, ਕਿਉਂਕਿ ਅਸੀਂ ਜਾਂਚ ਤੋਂ ਇਨਕਾਰ ਨਹੀਂ ਕਰ ਰਹੇ ਹਾਂ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਨੇ ਆਪਣੇ ਇਲਜ਼ਾਮ ਦੇ ਸਮਰਥਨ ਵਿੱਚ ਭਾਰਤ ਨਾਲ ਕੋਈ ਸਬੂਤ ਸਾਂਝਾ ਨਹੀਂ ਕੀਤਾ ਹੈ।