ਇਸਲਾਮਾਬਾਦ: ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਨੇਤਾ ਇਮਰਾਨ ਖਾਨ ਦੇ ਨਿੱਜੀ ਡਾਕਟਰ ਨੇ ਉਨ੍ਹਾਂ ਨੂੰ 'ਸਲੋ ਪੋਇਜ਼ਨ' ਦਿੱਤੇ ਜਾਣ ਦੀ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਹੈ। ਡਾਕਟਰ ਫੈਜ਼ਲ ਸੁਲਤਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਿੱਜੀ ਡਾਕਟਰ ਹਨ। ਏਆਰਵਾਈ ਨਿਊਜ਼ ਦੀ ਰਿਪੋਰਟ ਮੁਤਾਬਕ ਸੁਲਤਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਪੀਟੀਆਈ ਮੁਖੀ ਨਾਲ ਵਿਆਪਕ ਗੱਲਬਾਤ ਹੋਈ ਹੈ। ਉਨ੍ਹਾਂ ਦਾ ਮੈਡੀਕਲ ਚੈਕਅੱਪ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੀਟੀਆਈ ਮੁਖੀ ਦੀ ਸਿਹਤ ਠੀਕ ਹੈ। ਉਨ੍ਹਾਂ ਨੇ ਅਤੇ ਪੀਟੀਆਈ ਮੁਖੀ ਨੇ ਸ਼ੌਕਤ ਖਾਨਮ ਹਸਪਤਾਲ ਨਾਲ ਸਬੰਧਤ ਮਾਮਲਿਆਂ 'ਤੇ ਵੀ ਚਰਚਾ ਕੀਤੀ।
ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਮੁਤਾਬਕ ਰਾਵਲਪਿੰਡੀ ਪੁਲਿਸ ਦੀ ਜਾਂਚ ਟੀਮ ਨੇ ਅਡਿਆਲਾ ਜੇਲ੍ਹ ਦਾ ਦੌਰਾ ਕੀਤਾ। ਉਨ੍ਹਾਂ ਨੇ 9 ਮਈ ਦੀ ਗੜਬੜੀ ਬਾਰੇ ਪੀਟੀਆਈ ਮੁਖੀ ਦੇ ਬਿਆਨ ਦਰਜ ਕੀਤੇ। 9 ਮਈ ਦੇ ਦੰਗਿਆਂ ਦੇ ਮਾਮਲਿਆਂ ਨਾਲ ਸਬੰਧਤ ਚਾਰਜਸ਼ੀਟ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ 'ਤੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ। ਏਆਰਵਾਈ ਨਿਊਜ਼ ਨੇ ਦੱਸਿਆ ਕਿ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨੇ 9 ਮਈ ਦੇ ਦੰਗਿਆਂ ਨਾਲ ਸਬੰਧਤ ਸਾਰੇ ਮਾਮਲਿਆਂ ਵਿੱਚ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼) ਨੂੰ ਸ਼ਾਮਲ ਕਰਨ ਦੀ ਪੁਸ਼ਟੀ ਕੀਤੀ ਹੈ।
ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਮੁਲਜ਼ਮਾਂ ਖ਼ਿਲਾਫ਼ ਹਿੰਸਾ ਭੜਕਾਉਣ ਦੇ ਸਬੂਤ ਮਿਲੇ ਹਨ। ਇਸਤਗਾਸਾ ਪੱਖ ਵੱਲੋਂ ਦਾਇਰ ਚਾਰਜਸ਼ੀਟ 'ਤੇ ਇਤਰਾਜ਼ ਉਠਾਉਣ ਤੋਂ ਬਾਅਦ ਦੇਸ਼ਧ੍ਰੋਹ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਪੁਲਿਸ ਨੇ ਦੱਸਿਆ ਕਿ ਨਵੀਆਂ ਧਾਰਾਵਾਂ ਦੇ ਸਬੰਧ 'ਚ ਸਬੰਧਤ ਅਦਾਰਿਆਂ ਤੋਂ ਰਿਪੋਰਟ ਮਿਲਣ ਤੋਂ ਬਾਅਦ ਚਾਰਜਸ਼ੀਟ ਪੇਸ਼ ਕੀਤੀ ਜਾਵੇਗੀ।
ਇਸ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸਤਗਾਸਾ ਪੱਖ ਦੇ ਇਤਰਾਜ਼ ਦੂਰ ਕਰ ਦਿੱਤੇ ਜਾਣਗੇ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ, ਇਸ ਤੋਂ ਪਹਿਲਾਂ ਇੱਕ ਵਿਸ਼ੇਸ਼ ਅਦਾਲਤ ਨੇ ਸਾਈਫ਼ਰ ਮਾਮਲਿਆਂ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ ਅਤੇ ਪਾਰਟੀ ਦੇ ਉਪ ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਦੀ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।