ਬਰਨਾਲਾ: ਕਰਫਿਊ ਦੇ ਦੌਰਾਨ ਸੂਬੇ ਭਰ 'ਚ ਹਰ ਤਰ੍ਹਾਂ ਦਾ ਕਾਰੋਬਾਰ ਬੰਦ ਹੋਣ ਦੇ ਚਲਦੇ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ’ਤੇ ਵੀ ਪਾਬੰਦੀ ਲਾਈ ਗਈ ਹੈ, ਪਰ ਇਸ ਦੇ ਬਾਵਜੂਦ ਕਰਫਿਊ ਦੀ ਉਲੰਘਣਾ ਕਰਕੇ ਸ਼ਰਾਬ ਵੇਚਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਉਗੋਕੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਸ਼ਰਾਬ ਵੇਚਣ ਤੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ ਕਾਬੂ ਕੀਤਾ ਹੈ।
ਇਸ ਬਾਰੇ ਦੱਸਦੇ ਹੋਏ ਪਿੰਡ ਦੇ ਸਰਪੰਚ ਪਰਗਟ ਸਿੰਘ ਨੇ ਦੱਸਿਆ ਕਿ ਕਰਫਿਊ ਦੇ ਚਲਦੇ ਸਾਰੇ ਕਾਰੋਬਾਰ ਠੱਪ ਪਏ ਹਨ। ਦੋਹਾਂ ਮੁਲਜ਼ਮਾਂ ਵੱਲੋਂ ਕਰਫਿਊ ਦੀ ਉਲੰਘਣਾ ਕਰਦੇ ਹੋਏ ਸ਼ਰਾਬ ਦਾ ਠੇਕਾ ਖੋਲ੍ਹ ਕੇ ਸ਼ਰਾਬ ਵੇਚੀ ਜਾ ਰਹੀ ਸੀ। ਇਸ ਦੀ ਸੂਚਨਾ ਪਿੰਡ ਵਾਸੀਆਂ ਨੂੰ ਮਿਲਣ ਤੋਂ ਬਾਅਦ ਪਿੰਡ 'ਚ ਰੌਲਾ ਪੈ ਗਿਆ। ਪਿੰਡ ਵਾਸੀਆਂ ਵੱਲੋਂ ਮੌਕੇ 'ਤੇ ਮੁਲਜ਼ਮਾਂ ਨੂੰ ਸ਼ਰਾਬ ਨਾਲ ਭਰੀ ਗੱਡੀ ਸਣੇ ਕਾਬੂ ਕਰ ਲਿਆ ਗਿਆ ਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪਿੰਡ ਵਾਸੀਆਂ ਵਲੋਂ ਸ਼ਰਾਬ ਵੇਚਣ ਵਾਲੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਮਾਮਲਾ ਪੂਰਾ ਭਖ਼ ਜਾਣ ਤੋਂ ਬਾਅਦ ਪੁਲਿਸ ਵਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਥਾਣਾ ਸ਼ਹਿਣਾ ਦੀ ਪੁਲਿਸ ਵਲੋਂ ਇਸ ਮਾਮਲੇ ਵਿੱਚ ਸ਼ਰਾਬ ਨਾਲ ਭਰੀ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਰਫਿਊ ਦਾ ਉਲੰਘਣ ਕਰਨ ਅਤੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।