ਤਰਨਤਾਰਨ: ਜ਼ਿਲ੍ਹੇ ਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਤੇ ਪੱਟੀ ਮੋੜ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਪਿੰਡ ਸਰਹਾਲੀ ਦੇ ਵਸਨੀਕ ਸਨ। ਪਤੀ-ਪਤਨੀ ਤੇ ਉਨ੍ਹਾਂ ਦਾ ਪੁੱਤਰ ਇੱਟਾਂ ਦੇ ਭੱਠੇ ਉੱਤੇ ਮਜ਼ਦੂਰੀ ਦਾ ਕੰਮ ਕਰਦੇ ਸਨ। ਮ੍ਰਿਤਕ ਪਤੀ-ਪਤਨੀ ਸਵੇਰ ਦੇ ਸਮੇਂ ਕੰਮ 'ਤੇ ਜਾ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪੱਟੀ ਮੋੜ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਰਿਕਸ਼ਾ ਰੇਹੜੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਮਹਿਲਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੇ ਉਥੇ ਪਹੁੰਚ ਕੇ ਮਹਿਲਾ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੇ ਜਲਦ ਹੀ ਮੁਲਜ਼ਮ ਡਰਾਈਵਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।