ਅੰਮ੍ਰਿਤਸਰ: ਆਏ ਦਿਨ ਸ਼ਹਿਰ 'ਚ ਅਪਰਾਧਕ ਮਾਮਲੇ ਵਧਦੇ ਜਾ ਰਹੇ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਸਾਹਮਣੇ ਆਇਆ। ਇਥੇ ਕੁੱਝ ਲੋਕਾਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਭਿਸ਼ੇਕ ਸਵੇਰ ਦੇ ਸਮੇਂ ਆਪਣੇ ਘਰ ਦੇ ਬਾਹਰ ਖੜ੍ਹਾ ਸੀ, ਕਿ ਅਚਨਾਕ ਮੋਟਰਸਾਈਕਲ 'ਤੇ ਸਵਾਰ ਚਾਰ ਲੋਕ ਉਸ ਦੇ ਘਰ ਕੋਲ ਪੁੱਜੇ। ਮੁਲਜ਼ਮ ਨੌਜਵਾਨ ਨੂੰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਪਤਾ ਲੱਗਾ ਤਾਂ ਉਹ ਤੁਰੰਤ ਅਭਿਸ਼ੇਕ ਦੇ ਇਲਾਜ ਲਈ ਉਸ ਨੂੰ ਹਸਪਤਾਲ ਲੈ ਕੇ ਪੁੱਜੇ ਪਰੰਤੂ ਹਸਪਤਾਲ 'ਚ ਲਿਜਾਂਦੇ ਸਮੇਂ ਅਭਿਸ਼ੇਕ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਅਭਿਸ਼ੇਕ ਨੂੰ ਛੇ ਗੋਲੀਆਂ ਲੱਗੀਆਂ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦੇ ਉਕਤ ਮੁਲਜ਼ਮਾਂ ਨੇ ਅਭਿਸ਼ੇਕ 'ਤੇ ਗੋਲੀਆਂ ਚਲਾਈਆਂ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਦੇ ਕਾਰਨ ਵਾਪਰੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਮੁਤਾਬਕ ਪੁਲਿਸ ਨੇ ਚਾਰਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਤੋਂ ਮੁਲਜ਼ਮਾਂ ਦੀ ਪਛਾਣ ਕਰ ਭਾਲ ਜਾਰੀ ਹੈ। ਉਨ੍ਹਾਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।