ਬਠਿੰਡਾ: ਬੀਤੇ ਦਿਨੀ ਸ਼ਹਿਰ ਦੀ ਅਨਾਜ ਮੰਡੀ ਦੇ ਨਜ਼ਦੀਕ ਆਵਾ ਬਸਤੀ ਵਿੱਚ ਭੇਦਭਰੇ ਹਾਲਾਤਾਂ 'ਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਸਹਾਰਾ ਜਨ ਸੇਵਾ ਦੀ ਟੀਮ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ।
ਸਹਾਰਾ ਜਨ ਸੇਵਾ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ 6 ਵਜੇ ਦੇ ਕਰੀਬ ਦਫ਼ਤਰ 'ਚ ਫੋਨ ਆਇਆ ਸੀ ਜਿਸ ਮਗਰੋਂ ਉਨ੍ਹਾਂ ਨੇ ਪੁਲਿਸ ਨੂੰ ਆਵਾ ਬਸਤੀ 'ਚ ਲਾਸ਼ ਮਿਲਣ ਦੀ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਮੌਕੇ 'ਤੇ ਪੁੱਜ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸ.ਆਈ ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਹਾਰਾ ਜਨ ਸੇਵਾ ਦੀ ਟੀਮ ਨੇ ਆਵਾ ਬਸਤੀ 'ਚ ਲਾਸ਼ ਦੇ ਹੋਣ ਦੀ ਸੂਚਨਾ ਦਿੱਤੀ ਸੀ ਜਿਸ ਮਗਰੋਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਸ਼ਨਾਖ਼ਤ ਅਜੇ ਨਹੀਂ ਹੋ ਸਕੀ ਪਰ ਪੜਤਾਲ ਕਰਨ ਤੋਂ ਬਾਅਦ ਉਸ ਦੀ ਉਮਰ ਕਰੀਬ 27-28 ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ:ਅਮਰੀਕਾ ਨੇ ਰਚਿਆ ਇਤਿਹਾਸ, SpaceX-NASA ਦਾ ਰਾਕੇਟ ਸੁਰੱਖਿਅਤ ਆਰਬਿਟ 'ਚ ਹੋਇਆ ਦਾਖ਼ਲ
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਲਈ ਡਾਗ ਸਕਾਇਡ ਦੀ ਟੀਮ ਵੀ ਬੁਲਾਈ ਗਈ ਤਾਂ ਜੋ ਇਸ ਦੀ ਚੰਗੀ ਤਰ੍ਹਾਂ ਪੜਤਾਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੇ ਸਰੀਰ 'ਤੇ ਨੀਲ ਦੇ ਨਿਸ਼ਾਨ ਸਨ ਜਿਨ੍ਹਾਂ ਦੀ ਜਾਂਚ ਕਰਨ ਲਈ ਮ੍ਰਿਤਕ ਦੇਹ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।