ਸਰੀ: ਸਾਲ 2019 ਇੱਕ ਇਤਿਹਾਸਕ ਸਾਲ ਹੈ, ਕਿਉਂਕਿ ਇਸ ਸਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜੇਕਰ ਵਿਦੇਸ਼ਾਂ ਦੀ ਗੱਲ ਕਰੀਏ ਤਾਂ ਕੈਨੇਡਾ ਵਿੱਚ ਵੀ ਇਸ ਮੌਕੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਚੱਲਦੇ ਸਰੀ, ਬ੍ਰਿਟਿਸ਼ ਕੌਲੰਬੀਆ ਦੇ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਗੁਰੂ ਨਾਨਕ ਕਨਵੈਨਸ਼ਨ ਦਾ ਪ੍ਰਬੰਧ ਕੀਤਾ ਗਿਆ। ਇਸ ਕਨਵੈਨਸ਼ਨ ਮੌਕੇ ਇੱਕ ਕਿਤਾਬ ਵੀ ਰਿਲੀਜ਼ ਕੀਤੀ ਗਈ।
ਗੱਲਬਾਤ ਦੌਰਾਨ ਰਾਜਵਿੰਦਰ ਸਿੰਘ ਰਾਹੀ ਨੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਚੰਗੇ ਵਿਦਵਾਨਾਂ ਨੂੰ ਬੁਲਾ ਕੇ, ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਜੀਵਨੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਕਨਵੈਨਸ਼ਨ ਵਿੱਚ ਸਭ ਬੁਲਾਰਿਆਂ ਨੇ ਗੁਰਬਾਣੀ ਦੇ ਵੱਖੋ-ਵੱਖ ਵਿਸ਼ਿਆਂ 'ਤੇ ਅਤੇ ਗੁਰੂ ਨਾਨਕ ਜੀ ਦੇ ਵੱਖੋ-ਵੱਖ ਸਮਿਆਂ ਦੇ ਸੰਬੰਧ 'ਤੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਬ੍ਰਿਟਿਸ਼ ਕੌਲੰਬੀਆ ਦੇ ਪੰਜਾਬੀ ਪ੍ਰੈਸ ਕਲੱਬ ਦੇ ਪ੍ਰਧਾਨ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਇਹ ਕਨਵੈਨਸ਼ਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਦੇ ਕੇਂਦਰੀ ਸਥਾਨ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਸਰੀ, ਡੈਵਟਾ ਵੱਲੋਂ ਕਰਵਾਇਆ ਗਿਆ ਹੈ। ਇਸ ਕਨਵੈਨਸ਼ਨ ਵਿੱਚ ਭਾਰਤ, ਪਾਕਿਸਤਾਨ ਦੇ ਕਈ ਵਿਦਵਾਨਾਂ ਅਤੇ ਬੁਲਾਰਿਆਂ ਨੇ ਹਿੱਸਾ ਲਿਆ।